ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਦੇ ਮੈਂਬਰਾਂ ਨਾਲ ਮੀਟਿੰਗ - ਸੜਕ ਹਾਦਸਿਆਂ ’ਚ ਮਾਰੇ ਗਏ ਵਿਅਕਤੀਆਂ ਦੇ ਆਸ਼ਰਿਤਾਂ ਨੂੰ ਜਲਦ ਤੋਂ ਜਲਦ ਆਸ਼ਰਿਤ ਸਰਟੀਫਿਕੇਟ ਜਾਰੀ ਕਰਨ ਦੇ ਦਿੱਤੇ ਨਿਰਦੇਸ਼ - ਲੋਕਾਂ ਨੂੰ 14 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਲਾਭ ਲੈਣ ਦੀ ਕੀਤੀ ਅਪੀਲ

  ਹੁਸ਼ਿਆਰਪੁਰ/ਦਲਜੀਤ ਅਜਨੋਹਾ
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਨੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਨਾਲਸਾ ਨਾਲ ਸਬੰਧਤ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦਾ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
     ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਕਿ ਸੜਕ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਆਸ਼ਰਿਤਾਂ ਨੂੰ ਜਾਰੀ ਹੋਣ ਵਾਲੇ ਆਸ਼ਰਿਤ ਸਰਟੀਫਿਕੇਟ ਜਲਦ ਤੋਂ ਜਲਦ ਜਾਰੀ ਕੀਤੇ ਜਾਣ ਤਾਂ ਜੋ ਕੰਪਨਸੈਸ਼ਨ ਟੂ ਵਿਕਟਮ ਦੇ ਤਹਿਤ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਸਮੇਂ ਸਿਰ ਮਿਲ ਸਕੇ। ਉਨ੍ਹਾਂ ਪੁਲਿਸ ਨੂੰ ਦੱਸਿਆ ਕਿ ਕਿਸੇ ਵੀ ਦੁਰਘਟਨਾ ਦੇ ਮਾਮਲੇ ਵਿੱਚ ਜ਼ਿਲ੍ਹੇ ਦੀ ਕਿਸੇ ਵੀ ਅਦਾਲਤ ਵਿੱਚ ਸਜ਼ਾ ਹੋਣ 'ਤੇ 40 ਫ਼ੀਸਦੀ ਤੋਂ ਵੱਧ ਜ਼ਖ਼ਮੀ ਹੋਣ ਦੀ ਸੂਰਤ ਵਿੱਚ ਪੀੜਤ ਨੂੰ ਮੁਆਵਜ਼ਾ ਦੇਣ ਦੀ ਵਿਵਸਥਾ ਹੈ। ਇਸ ਲਈ ਅਜਿਹੇ ਮਾਮਲਿਆਂ ਵਿੱਚ ਅਦਾਲਤ ਨੂੰ ਇਸ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੋਲ ਭੇਜਣ ਲਈ ਕਿਹਾ ਜਾਣਾ ਚਾਹੀਦਾ ਹੈ ਤਾਂ ਜੋ ਪੀੜਤ ਨੂੰ ਮੁਆਵਜ਼ਾ ਟੂ ਵਿਕਟਮ ਤਹਿਤ ਮੁਆਵਜ਼ਾ ਦਿੱਤਾ ਜਾ ਸਕੇ।
     ਜ਼ਿਲ੍ਹਾ ਤੇ ਸੈਸ਼ਨ ਜੱਜ ਨੇ 14 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾ ਕੇ ਇਸ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਇਸ ਨਾਲ ਸਮੇਂ ਅਤੇ ਪੈਸੇ ਦੋਵਾਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਸਿਵਲ ਫ਼ਰਮਾਨ ਵਜੋਂ ਮਾਨਤਾ ਪ੍ਰਾਪਤ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ. ਸੁਰਿੰਦਰ ਲਾਂਬਾ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ, ਜੇਲ੍ਹ ਸੁਪਰਡੈਂਟ ਬੀ.ਐਸ. ਘੁੰਮਣ, ਵਧੀਕ ਜ਼ਿਲ੍ਹਾ ਅਟਾਰਨੀ ਪਵਨਪ੍ਰੀਤ ਸਿੰਘ, ਐਸ.ਪੀ. ਮਨੋਜ ਕੁਮਾਰ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਅਗਿਆਪਾਲ ਸਿੰਘ ਸਾਹਨੀ, ਕਿਰਨਪ੍ਰੀਤ ਕੌਰ ਧਾਮੀ, ਦਰਸ਼ਨ ਕੌਸ਼ਲ ਆਦਿ ਹਾਜ਼ਰ ਸਨ।


Comments