ਬਲੀਦਾਨ ਦਿਵਸ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਕੀਤਾ ਯਾਦ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਸਮੇਤ ਅਧਿਕਾਰੀਆਂ ਤੇ ਕਰਚਮਾਰੀਆਂ ਨੇ ਸ਼ਰਧਾਂਜਲੀ ਭੇਟ ਕੀਤੀ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ’ਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲਿਆਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਮਹਾਤਮਾ ਗਾਂਧੀ ਜੀ ਦੀ ਤਸਵੀਰ ਅੱਗੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਹਥਿਆਰ ਉਲਟੇ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਦੇ ਬਲੀਦਾਨ ਨੂੰ ਯਾਦ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਹੋਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਰਾਸ਼ਟਰਪਿਤਾ ਮਹਾਤਮਾ ਗਾਂਧੀ ਵਲੋਂ ਦੱਸੇ ਗਏ ਸੱਚ, ਪ੍ਰੇਮ ਅਤੇ ਅਹਿੰਸਾ ਦੇ ਰੱਸਤੇ ’ਤੇ ਚੱਲਦੇ ਹੋਏ ਉਨ੍ਹਾਂ ਦੇ ਆਦਰਸ਼ਾ ਨੂੰ ਅਪਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਨੇ ਦੇਸ਼ ਦੇ ਸੁਤੰਤਰਤਾ ਸੰਗਰਾਮ ਵਿੱਚ ਅਹਿਮ ਯੋਗਦਾਨ ਪਾਉਣ ਦੇ ਨਾਲ-ਨਾਲ ਅਹਿੰਸਾ ਅਤੇ ਸੱਤਿਆਗ੍ਰਹਿ ਦੇ ਰਾਹ 'ਤੇ ਚੱਲ ਕੇ ਆਜ਼ਾਦੀ ਸੰਗਰਾਮ ਦੀ ਅਗਵਾਈ ਕੀਤੀ ਸੀ। ਉਨ੍ਹਾਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਹੋਰ ਮਹਾਨ ਦੇਸ਼ ਭਗਤਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਲਈ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹਰ ਕਿਸੇ ਨੂੰ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ, ਅਨੁਸ਼ਾਸਨ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ।
Comments
Post a Comment