ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਆਮ ਆਦਮੀ ਕਲੀਨਿਕ ਪੁਰਹੀਰਾਂ ਅਤੇ ਬਸੀ ਗੁਲਾਮ ਹੁਸੈਨ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ/ ਦਲਜੀਤ ਅਜਨੋਹਾ
ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਵੱਲੋਂ ਅਰਬਨ ਆਮ ਆਦਮੀ ਕਲੀਨਿਕ ਪੁਰਹੀਰਾਂ ਅਤੇ ਬਲਾਕ ਚੱਕੋਵਾਲ ਅਧੀਨ ਆਮ ਆਦਮੀ ਕਲੀਨਿਕ ਬਸੀ ਗੁਲਾਮ ਹੁਸੈਨ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਪੀਏ ਸ੍ਰੀ ਸਤਪਾਲ ਵੀ ਮੌਜੂਦ ਸਨ।
ਸਿਵਲ ਸਰਜਨ ਵਲੋਂ ਇਹਨਾਂ ਕਲੀਨਿਕਾਂ ਦੀ ਚੈਕਿੰਗ ਦੇ ਦੌਰਾਨ ਉਹਨਾਂ ਡਿਊਟੀ ਤੇ ਤਾਇਨਾਤ ਸਮੂਹ ਸਟਾਫ ਦੀ ਹਾਜ਼ਰੀ ਚੈਕ ਕੀਤੀ ਅਤੇ ਸਭ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਿਦਾਇਤ ਕੀਤੀ। ਉਹਨਾਂ ਵੱਲੋਂ ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ। ਡਾ ਸ਼ਗੋਤਰਾ ਨੇ ਸਟਾਫ ਨੂੰ ਕੰਮਕਾਜ ਅਤੇ ਮਰੀਜਾਂ ਦਾ ਰਿਕਾਰਡ ਸਹੀ ਢੰਗ ਨਾਲ ਮੇਨਟੇਨ ਰੱਖਣ ਲਈ ਕਿਹਾ। ਉਹਨਾਂ ਫਾਰਮੇਸੀ ਸਟੋਰ ਦਾ ਜਾਇਜਾ ਲੈੰਦੇ ਹੋਏ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ। ਉਹਨਾਂ ਉੱਥੇ ਆਏ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਸਟਾਫ ਨੂੰ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਦੀ ਹਿਦਾਇਤ ਕੀਤੀ ।
ਉਹਨਾਂ ਸਟਾਫ਼ ਨੂੰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ, ਮਰੀਜ਼ਾਂ ਪ੍ਰਤੀ ਪਿਆਰ ਵਾਲਾ ਰਵੱਈਆ ਅਪਨਾਉਣ ਲਈ ਕਿਹਾ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੌਰਾਨ ਸਿਹਤ ਸੰਸਥਾ ਵਿਚ ਆਏ ਮਰੀਜ਼ਾਂ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਹਦਾਇਤ ਕੀਤੀ।

Comments