*ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਸ਼ਲਾਘਾਯੋਗ ਹੈ ਪਰ ਇਸ ਮੁਹਿੰਮ ਦਾ ਸ਼ਿਕਾਰ ਕਿਧਰੇ ਗਰੀਬ ਪਰਿਵਾਰ ਨਾ ਹੋ ਜਾਣ /ਭਾਜਪਾ ਆਗੂ ਠੰਡਲ * ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣਾ ਸਿਆਸਤਦਾਨਾਂ ਦਾ ਫਰਜ਼ ਨਹੀਂ ਬਲਕਿ ਪੁਲਿਸ ਦਾ ਫਰਜ਼ ਹੈ/ਸੋਹਨ ਸਿੰਘ ਠੰਡਲ * ਪੁਲਿਸ ਵਲੋਂ ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਨਾਲ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕਦਾ ਹੈ।


* ਹੁਸ਼ਿਆਰਪੁਰ/ਦਲਜੀਤ ਅਜਨੋਹਾ
ਮੌਜੂਦਾ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਇੱਕ ਸ਼ਲਾਘਾਯੋਗ ਉਪਰਾਲਾ ਹੈ, ਇਹ ਗੱਲ ਭਾਜਪਾ ਦੇ ਸੀਨੀਅਰ ਆਗੂ ਸੋਹਣ ਸਿੰਘ ਠੰਡਲ ਨੇ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕਹੀ, ਪਰ ਨਾਲ ਹੀ ਉਨ੍ਹਾਂ ਮੌਜੂਦਾ ਸਰਕਾਰ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਸਰਕਾਰ ਨੇ ਇਹ ਉਪਰਾਲਾ ਤਿੰਨ ਸਾਲਾਂ ਬਾਅਦ ਸ਼ੁਰੂ ਕੀਤਾ ਹੈ, ਪਹਿਲੇ ਤਿੰਨ ਸਾਲਾਂ ਵਿੱਚ ਸਰਕਾਰ ਕਿੱਥੇ ਸੀ ਜਦੋਂ ਮੌਜੂਦਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਐਲਾਨ ਕੀਤਾ ਸੀ ਕਿ ਉਹ ਪਹਿਲ ਦੇ ਆਧਾਰ 'ਤੇ ਨਸ਼ਿਆਂ ਨੂੰ ਖਤਮ ਕਰੇਗੀ ਅਤੇ ਤਿੰਨ ਸਾਲਾਂ ਬਾਅਦ ਹੁਣ ਦਿੱਲੀ ਵਿੱਚ ਹਾਰ ਤੋਂ ਬਾਅਦ, ਇਹ ਕਾਰਵਾਈ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਹੈ, ਹਾਲਾਂਕਿ ਨਸ਼ਿਆਂ ਦਾ ਪੰਜਾਬ ਵਿੱਚ ਪਹਿਲਾਂ ਵੀ ਪ੍ਰਭਾਵ ਸੀ। ਉਸ ਸਮੇਂ ਦੀ ਸਰਕਾਰ ਨੇ ਵੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਬਹੁਤ ਸਾਰੇ ਲੋਕਾਂ ਦੇ ਘਰ ਢਾਹੈ ਜਾ ਰਹੇ ਹਨ ਅਤੇ ਮੀਡੀਆ ਵੱਲੋਂ ਦਿਖਾਏ ਗਏ ਘਰ ਬਹੁਤ ਛੋਟੇ ਅਤੇ ਕੱਚੇ ਹਨ। ਜੇਕਰ ਸਰਕਾਰ ਅਨੁਸਾਰ ਇਹ ਘਰ ਵੱਡੇ ਨਸ਼ਾ ਤਸਕਰਾਂ ਦੇ ਹਨ, ਤਾਂ ਇਹ ਸਿੱਧੇ ਤੌਰ 'ਤੇ ਦੇਖਿਆ ਜਾ ਸਕਦਾ ਹੈ ਕਿ ਇਹ ਘਰ ਬਹੁਤ ਵੱਡੇ ਤੇ ਕੀਮਤੀ ਹੋਣੇ ਚਾਹੀਦੇ ਹਨ। ਇਨ੍ਹਾਂ ਵਿੱਚੋਂ ਕੋਈ ਵੀ ਘਰ ਵੱਡਾ ਜਾਂ ਮਹਿੰਗਾ ਨਹੀਂ ਲੱਗਦਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਤੋਂ ਪਹਿਲਾਂ ਜਾਂਚ ਕਰਨੀ ਚਾਹੀਦੀ ਹੈ ਤਾਂ ਜੋ ਕੋਈ ਵੀ ਗਰੀਬ ਵਿਅਕਤੀ ਜੋ ਕਿਸੇ ਕਾਰਨ ਕਰਕੇ ਨਸ਼ਿਆਂ ਦਾ ਆਦੀ ਹੋ ਗਿਆ ਹੈ ਅਤੇ ਉਸ ਦੇ ਪਰਿਵਾਰ ਦੀ ਹਾਲਤ ਪਹਿਲਾਂ ਹੀ ਤਰਸਯੋਗ ਹੈ, ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਕੇ ਜੇਲ੍ਹ  ਭੇਜਿਆ ਜਾਂਦਾ ਅਤੇ ਉਸ ਦਾ ਘਰ ਢਾਹ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇੱਕ ਇਲਾਕੇ ਵਿੱਚ ਮੌਜੂਦਾ ਪਾਰਟੀ ਦੇ ਵਿਧਾਇਕ ਅਤੇ ਕੁਝ ਆਗੂ ਖੁਦ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਇਸ ਮੀਟਿੰਗ ਦੌਰਾਨ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਜੇਲ੍ਹ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਬਹੁਤ ਕੋਸ਼ਿਸ਼ਾਂ ਕੀਤੀਆਂ ਸਨ ਅਤੇ ਨਸ਼ਿਆਂ ਦੇ ਮੁੱਦੇ ਬਾਰੇ ਤਤਕਾਲੀ ਡੀਜੀਪੀ ਅਤੇ ਆਈਜੀ ਨਾਲ ਗੱਲ ਕੀਤੀ ਸੀ, ਪਰ ਇਸ ਨੂੰ ਹੱਲ ਕਰਨ ਜਾਂ ਕਾਨੂੰਨੀ ਕਾਰਵਾਈ ਕਰਨ ਦੀ ਬਜਾਏ, ਉਨ੍ਹਾਂ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਨਸ਼ੇ ਬੰਦ ਕਰ ਦੇਣਗੇ ਤੇ ਆਉਣ ਵਾਲੇ ਸਮੇਂ  ਤੁਹਾਡੀ ਹੀ ਸਰਕਾਰ ਬਣੇਗੀ ਤਾਂ ਪੁਲਸ ਵਲੋਂ ਨਸ਼ੇੜੀਆਂ ਨੂੰ ਫੜ ਕੇ  ਵੱਡੀ ਗਿਣਤੀ ਵਿੱਚ ਜੇਲ੍ਹ ਭੇਜਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਵੱਡੇ ਨਸ਼ਾ ਤਸਕਰਾਂ ਨੂੰ ਫੜਨਾ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨਾ ਪੁਲਿਸ ਦਾ ਫਰਜ਼ ਹੈ, ਜਿਸ ਨਾਲ ਨਸ਼ੇ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਦੁਰਵਰਤੋਂ ਨੂੰ ਰੋਕਣਾ ਪੁਲਿਸ ਦਾ ਫਰਜ਼ ਹੈ, ਮੰਤਰੀਆਂ ਜਾਂ ਵਿਧਾਇਕਾਂ ਦਾ ਨਹੀਂ। ਉਨ੍ਹਾਂ ਕਿਹਾ ਕਿ ਪੁਲਿਸ ਚੰਗੀ ਤਰ੍ਹਾਂ ਜਾਣਦੀ ਹੈ ਕਿ ਕਿਸ ਖੇਤਰ ਵਿੱਚ ਨਸ਼ੇ ਦਾ ਕਾਰੋਬਾਰ ਹੋ ਰਿਹਾ ਹੈ ਅਤੇ ਡੀਲਰ ਕੌਣ ਹੈ, ਪਰ ਉਨ੍ਹਾਂ ਦੇ ਪ੍ਰਭਾਵ ਕਾਰਨ ਉਨ੍ਹਾਂ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ, ਅਤੇ ਨਸ਼ਾ ਕਰਨ ਵਾਲਿਆਂ ਨਸ਼ੇੜੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਫਾਈਲ ਬੰਦ ਕਰ ਦਿੱਤੀ ਜਾਂਦੀ ਹੈ, ਜਦੋਂ ਕਿ ਪੁਲਿਸ ਨੂੰ ਆਪਣੀ ਜਾਂਚ ਦੌਰਾਨ ਪਤਾ ਲਗਾਉਣਾ ਚਾਹੀਦਾ ਹੈ ਕਿ ਨਸ਼ਾ ਕਿੱਥੋਂ ਆਉਣਾ ਸ਼ੁਰੂ ਹੋਇਆ ਤੇ ਇਥੇ ਕਿਸ ਤਰਾਂ ਪਹੁੰਚਿਆ ਇਸ ਤਰ੍ਹਾਂ ਵੀ ਨਸ਼ੇ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕਦਾ ਹੈ।

Comments