ਪੰਜਾਬ ਸਰਕਾਰ ਹਰ ਕਦਮ 'ਤੇ ਕਿਸਾਨਾਂ ਦੇ ਨਾਲ ਹੈ: ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਨੇ ਗੜ੍ਹਸ਼ੰਕਰ ਮੰਡੀਆਂ ‘ਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੜ੍ਹਸ਼ੰਕਰ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਫ਼ਸਲ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਖਰੀਦ ਪ੍ਰਕਿਰਿਆ ਦੀ ਸਥਿਤੀ ਦਾ ਮੁਲਾਂਕਣ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ। ਇਸ ਦੌਰਾਨ ਉਨ੍ਹਾਂ ਨਾਲ ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਚੇਅਰਮੈਨ ਬਲਦੀਪ ਸਿੰਘ ਸੈਣੀ ਵੀ ਮੌਜੂਦ ਸਨ।
ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਸਹੀ ਮੁੱਲ ਸਮੇਂ ਸਿਰ ਮਿਲੇ ਅਤੇ ਖਰੀਦ ਪ੍ਰਕਿਰਿਆ ਵਿੱਚ ਕੋਈ ਰੁਕਾਵਟ ਨਾ ਆਵੇ।
ਉਨ੍ਹਾਂ ਮੰਡੀਆਂ ਵਿੱਚ ਉਪਲਬਧ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਛਾਂ ਵਰਗੀਆਂ ਮੁੱਢਲੀਆਂ ਸਹੂਲਤਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਆਰਾਮਦਾਇਕ ਮਾਹੌਲ ਮਿਲ ਸਕੇ।
ਡਿਪਟੀ ਸਪੀਕਰ ਨੇ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 2,34,183 ਮੀਟ੍ਰਿਕ ਟਨ ਕਣਕ ਆ ਚੁੱਕੀ ਹੈ, ਜਿਸ ਵਿੱਚੋਂ 2,33,287 ਮੀਟ੍ਰਿਕ ਟਨ ਕਣਕ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਭੁਗਤਾਨ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 513.55 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹਨ।
ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਮੌਕੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।
Comments
Post a Comment