ਪੰਜਾਬ ਸਰਕਾਰ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ -ਵਿਧਾਇਕ ਨੇ ਵਾਰਡ ਨੰਬਰ 42 ‘ਚ ਸੀਵਰੇਜ ਦੇ ਕੰਮ ਦਾ ਕੀਤਾ ਉਦਘਾਟਨ

 
ਹੁਸ਼ਿਆਰਪੁਰ/ਦਲਜੀਤ ਅਜਨੋਹਾ
        ਵਿਕਾਸ ਕਾਰਜਾਂ ਨੂੰ ਤਰਜੀਹ ਦਿੰਦੇ ਹੋਏ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 42 ਦੇ ਮਾਡਲ ਟਾਊਨ ਵਿਚ ਸਥਿਤ ਮਾਨਵਤਾ ਨਗਰ ਵਿਚ ਸੀਵਰੇਜ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਥਾਨਕ ਨਿਵਾਸੀ, ਕੌਂਸਲਰ ਅਤੇ ਨਿਗਮ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਸੀਵਰੇਜ ਦਾ ਕੰਮ ਸਾਲਾਂ ਤੋਂ ਲਟਕਿਆ ਹੋਇਆ ਸੀ, ਜਿਸ ਕਾਰਨ ਸਥਾਨਕ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਬਰਸਾਤ ਦੇ ਦਿਨਾਂ ਵਿਚ ਪਾਣੀ ਭਰਨ ਅਤੇ ਗੰਦਗੀ ਦੀ ਸਮੱਸਿਆ ਆਮ ਹੋ ਗਈ ਸੀ। ਪਰ ਹੁਣ ਇਸ ਕੰਮ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਸਥਾਈ ਰਾਹਤ ਮਿਲੇਗੀ ਅਤੇ ਇੱਕ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਬੁਨਿਆਦੀ ਢਾਂਚੇ ਨੂੰ ਬਰਾਬਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਲਾਕੇ ਦੀਆਂ ਸਾਰੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ, ਭਾਵੇਂ ਉਹ ਸੜਕਾਂ ਹੋਣ, ਡਰੇਨੇਜ ਹੋਵੇ, ਸੀਵਰੇਜ ਜਾਂ ਸਫਾਈ ਵਿਵਸਥਾ ਹੋਵੇ।
ਵਿਧਾਇਕ ਨੇ ਕਿਹਾ ਕਿ ਸਬੰਧਤ ਵਿਭਾਗ ਨੂੰ ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਨਿਗਮ ਅਧਿਕਾਰੀਆਂ ਨੂੰ ਸੀਵਰੇਜ ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦੇਣ ਤਾਂ ਜੋ ਲੋਕਾਂ ਨੂੰ ਹੋਰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਅਤੇ ਪਾਰਦਰਸ਼ੀ ਸ਼ਾਸਨ ਪ੍ਰਦਾਨ ਕਰਨਾ ਉਨ੍ਹਾਂ ਦੀ ਤਰਜ਼ੀਹ ਹੈ। ਇਸ ਮੌਕੇ ਕੌਂਸਲਰ ਦ੍ਰੋਪਨ ਸੈਣੀ, ਅਮਰਜੋਤ ਸੈਣੀ, ਬਲਵੀਰ ਸੈਣੀ, ਵਿਜੇ ਮੱਲ, ਪ੍ਰੇਮ ਚੰਦ ਡੇਗਰਾ, ਸ਼ਤਰੂਘਨ ਡੋਗਰਾ, ਇੰਦਰਜੀਤ ਸੈਣੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Comments