ਨਸ਼ਾ ਮੁਕਤੀ ਮੋਰਚਾ' ਨੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਕੀਤੀ ਮੀਟਿੰਗ -11 ਜੁਲਾਈ ਤੋਂ ਸ਼ੁਰੂ ਹੋ ਰਹੇ ਨਸ਼ਾ ਵਿਰੋਧੀ ਲੋਕ ਮੁਹਿੰਮ ਦੇ ਦੂਜੇ ਪੜਾਅ ਸਬੰਧੀ ਕੀਤਾ ਵਿਚਾਰ-ਵਟਾਂਦਰਾ
ਹੁਸ਼ਿਆਰਪੁਰ/ ਦਲਜੀਤ ਅਜਨੋਹਾ
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਸਹਿਯੋਗ ਨਾਲ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਸਤਵੰਤ ਸਿੰਘ ਸਿਆਣ ਨੇ ਅੱਜ ਐਸ.ਐਸ.ਪੀ ਹੁਸ਼ਿਆਰਪਰ ਸੰਦੀਪ ਮਲਿਕ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਆਰੰਭੀ ਨਸ਼ਾ ਮੁਕਤ ਪੰਜਾਬ ਮੁਹਿੰਮ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੀਟਿੰਗ ਵਿਚ ਨੋਡਲ ਅਫ਼ਸਰ "ਯੁੱਧ ਨਸ਼ਿਆਂ ਵਿਰੁੱਧ" ਐੱਸ.ਪੀ ਮੇਜਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਸਤਵੰਤ ਸਿੰਘ ਸਿਆਣ ਨੇ ਦੱਸਿਆ ਕਿ ਨਸ਼ਾ ਮੁਕਤੀ ਮੋਰਚਾ ਵੱਲੋਂ ਨਸ਼ਾ ਵਿਰੋਧੀ ਲੋਕ ਮੁਹਿੰਮ ਦਾ ਦੂਜਾ ਪੜਾਅ 11 ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਵਿਚ ਹਰੇਕ ਹਲਕੇ ਵਿਚ ਰੋਜ਼ਾਨਾ ਤਿੰਨ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਹੇਠਲੇ ਪੱਧਰ ਤੱਕ ਆਮ ਲੋਕਾਂ ਤੱਕ ਪਹੁੰਚ ਕਰਕੇ ਨਸ਼ਾ ਛੱਡਣ ਵਾਲੇ ਮਰੀਜ਼ਾਂ ਦੀ ਭਾਲ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਇਲਾਜ ਲਈ ਢੁਕਵੇਂ ਪ੍ਰਬੰਧ ਕਰਵਾਏ ਜਾਣਗੇ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ਾ ਤਸਕਰ ਪੰਜਾਬ ਵਿਚ ਨਸ਼ਾ ਵੇਚਣਾ ਬੰਦ ਕਰ ਦੇਣ ਜਾਂ ਪੰਜਾਬ ਦੀਆਂ ਜ਼ੂਹਾਂ ਛੱਡ ਕੇ ਚਲੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵੀ ਨਸ਼ਾ ਤਸਕਰ ਨੂੰ ਨਹੀਂ ਬਖਸ਼ੇਗੀ| ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ੇ ਤੋਂ ਪੀੜਤ ਲੋਕਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿਖੇ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਆਪਣੇ ਪੈਰਾਂ ਤੇ ਖੜ੍ਹਾ ਕਰਨ ਲਈ ਸਕਿੱਲ ਟ੍ਰੇਨਿੰਗ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਪਿੰਡਾਂ ਅਤੇ ਸ਼ਹਿਰਾਂ ਵਿਚ ਜਿਹੜੇ ਵੀ ਲੋਕ ਨਸ਼ਾ ਵੇਚਣ ਵਾਲੇ ਵਿਅਕਤੀਆਂ ਦੀ ਸਿਫਾਰਸ਼ ਲਈ ਪੁਲਿਸ ਕੋਲ ਜਾਣਗੇ ਜਾਂ ਅਦਾਲਤ ਵਿਚ ਜ਼ਮਾਨਤ ਲਈ ਜਾਣਗੇ, ਉਨ੍ਹਾਂ ਦੇ ਨਾਮ ਜਨਤਕ ਕੀਤੇ ਜਾਣਗੇ ਅਤੇ ਲੋਕਾਂ ਨੂੰ ਅਜਿਹੇ ਲੋਕਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੀਟਿੰਗ ਦੌਰਾਨ ਐਸ.ਐਸ.ਪੀ ਸੰਦੀਪ ਮਲਿਕ ਨੇ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਆਪਣੇ ਅਧੀਨ ਪੈਂਦੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ 'ਤੇ ਖਾਸ ਨਜਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਬਾਖੂਬੀ ਨਿਭਾਅ ਰਹੇ ਹਨ। ਇਸ ਮੌਕੇ ਡਾ. ਰਾਕੇਸ਼ ਕੰਡਾ ਜ਼ਿਲ੍ਹਾ ਸਹਾਇਕ ਕੋਆਰਡੀਨੇਟਰ ਵੀ ਮੌਜੂਦ ਸਨ।
Comments
Post a Comment