ਹੁਸ਼ਿਆਰਪੁਰ/ਦਲਜੀਤ ਅਜਨੋਹਾ
ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਨੇ ਅੱਜ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਜਿਥੇ ਭਾਰੀ ਬਾਰਿਸ਼ ਕਾਰਨ ਪਾਣੀ ਭਰਨ ਕਾਰਨ ਲੋਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਐਸ.ਡੀ.ਐਮ ਨੇ ਪਿੰਡ ਖਨੌੜਾ, ਫੁਗਲਾਣਾ, ਹਰਟ, ਬੱਡਲਾ, ਸਿੰਬਲੀ ਅਤੇ ਰਾਜਪੁਰ ਭਾਈਆਂ ਅਤੇ ਨੇੜਲੇ ਹੋਰ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ, ਜਿਸ ਵਿੱਚ ਰਾਸ਼ਨ, ਪੀਣ ਵਾਲਾ ਪਾਣੀ, ਤਰਪਾਲ ਅਤੇ ਹੋਰ ਜ਼ਰੂਰੀ ਸਮਾਨ ਸ਼ਾਮਲ ਸੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਤੇ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਪ੍ਰਭਾਵਿਤ ਪਰਿਵਾਰਾਂ ਦੀਆਂ ਤੁਰੰਤ ਜ਼ਰੂਰਤਾਂ ਨੂੰ ਪੂਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਐਸ.ਡੀ.ਐਮ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹਾ ਹੈ।
ਗੁਰਸਿਮਰਨਜੀਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਿਹਤ ਸੇਵਾਵਾਂ, ਪਸ਼ੂਆਂ ਦੀਆਂ ਸਹੂਲਤਾਂ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਨਿਰਵਿਘਨ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ 'ਤੇ ਧਿਆਨ ਨਾ ਦੇਣ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਜਾਂ ਕੰਟਰੋਲ ਰੂਮ ਨਾਲ ਸੰਪਰਕ ਕਰਨ।
Comments
Post a Comment