ਪਰਾਲੀ ਸਾੜਨ ਤੋਂ ਪਹਿਲਾਂ ਹੀ ਇਸ ਨੂੰ ਰੋਕਣ ਲਈ ਚੁੱਕੇ ਜਾਣ ਠੋਸ ਕਦਮ /ਆਸ਼ਿਕਾ ਜੈਨ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਅਹਿੰਮ ਮੀਟਿੰਗ ਪਿੰਡ ਪੱਧਰ ‘ਤੇ ਸਰਪੰਚ, ਨੰਬਰਦਾਰ ਤੇ ਚੌਕੀਦਾਰਾਂ ਦੀ ਮਦਦ ਨਾਲ ਨਿਗਰਾਨੀ ਵਧਾਉਣ ‘ਤੇ ਜ਼ੋਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਮਸ਼ੀਨਰੀ ਦੀ ਵਰਤੋਂ ਕਰਨ ਦੀ ਕੀਤੀ ਅਪੀਲ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਵਿੱਚ ਖੇਤੀਬਾੜੀ ਅਤੇ ਪ੍ਰਦੂਸ਼ਣ ਕੰਟਰੋਲ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਾਪਰਨ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ।
ਉਨ੍ਹਾਂ ਕਿਹਾ ਕਿ ਪਿੰਡ ਪੱਧਰ 'ਤੇ ਮੌਜੂਦ ਸਰਪੰਚ, ਨੰਬਰਦਾਰ ਅਤੇ ਚੌਕੀਦਾਰਾਂ ਦੀ ਮਦਦ ਨਾਲ ਉਨ੍ਹਾਂ ਖੇਤਰਾਂ ਦੀ ਪਛਾਣ ਕੀਤੀ ਜਾਵੇ ਜਿੱਥੇ ਖੇਤਾਂ ਵਿੱਚ ਝੋਨੇ ਦੀ ਕਟਾਈ ਹੋ ਰਹੀ ਹੈ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਉੱਥੇ ਪਰਾਲੀ ਪ੍ਰਬੰਧਨ ਲਈ ਢੁਕਵੇਂ ਉਪਾਅ ਕੀਤੇ ਜਾਣ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਈ ਜਾਵੇ ਅਤੇ ਜੇਕਰ ਕਿਸੇ ਕਿਸਾਨ ਨੂੰ ਇਸ ਸਬੰਧੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਸਬੰਧਤ ਪਿੰਡ ਦੇ ਨੋਡਲ ਅਫ਼ਸਰ ਵੱਲੋਂ ਤੁਰੰਤ ਹੱਲ ਕੀਤਾ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪਰਾਲੀ ਦੇ ਨਿਪਟਾਰੇ ਲਈ ਹਰ ਸੰਭਵ ਯਤਨ ਕੀਤੇ ਜਾਣ ਤਾਂ ਜੋ ਜ਼ਿਲ੍ਹੇ ਵਿੱਚ ਪ੍ਰਦੂਸ਼ਣ ਨਾ ਫੈਲੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿੱਚ ਪਰਾਲੀ ਨਾ ਸਾੜਨ, ਸਗੋਂ ਇਸਦੇ ਸਹੀ ਪ੍ਰਬੰਧਨ ਲਈ ਆਪਣੇ ਖੇਤਰ ਵਿੱਚ ਨਿਯੁਕਤ ਕੀਤੇ ਗਏ ਖੇਤੀਬਾੜੀ ਵਿਭਾਗ ਦੇ ਨੋਡਲ ਅਫ਼ਸਰਾਂ ਜਾਂ ਨੁਮਾਇੰਦਿਆਂ ਨਾਲ ਸੰਪਰਕ ਕਰਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਈ ਹੈ, ਇਸ ਲਈ ਕਿਸਾਨਾਂ ਨੂੰ ਇਸਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਵਾਤਾਵਰਣ ਦੀ ਰੱਖਿਆ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਬਣਾਈ ਰੱਖੀ ਜਾ ਸਕੇ।

Comments