ਹੁਸ਼ਿਆਰਪੁਰ/ਦਲਜੀਤ ਅਜਨੋਹਾ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੇ ਕਲੱਸਟਰ ਮੁਖੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਹ ਮੀਟਿੰਗ ਕੇਂਦਰ ਅਤੇ ਰਾਜ ਸਰਕਾਰ ਦੀ ਗੋ ਸੋਲਰ ਪਹਿਲਕਦਮੀ ਤਹਿਤ ਆਯੋਜਿਤ ਕੀਤੀ ਗਈ, ਜਿਸ ਦਾ ਮਕਸਦ ਹੋਰ ਨਾਗਰਿਕਾਂ ਨੂੰ ਸੋਲਰ ਛੱਤ ਪ੍ਰਣਾਲੀਆਂ ਅਪਣਾਉਣ ਲਈ ਉਤਸ਼ਾਹਿਤ ਕਰਨਾ ਹੈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪਹਿਲਾਂ ਵੱਖ-ਵੱਖ ਸਰਕਾਰੀ ਵਿਭਾਗ ਇਸ ਪ੍ਰੋਜੈਕਟ ਵਿੱਚ ਸ਼ਾਮਿਲ ਸਨ, ਤਾਂ ਜੋ ਆਮ ਲੋਕਾਂ ਤੱਕ ਸੂਰਜੀ ਊਰਜਾ ਦੇ ਲਾਭ ਪਹੁੰਚਾਏ ਜਾ ਸਕਣ। ਹੁਣ ਇਸ ਪਹਿਲਕਦਮੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਬੈਂਕਾਂ ਨੂੰ ਭਾਗੀਦਾਰ ਵਜੋਂ ਸ਼ਾਮਿਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੈਂਕਾਂ ਦਾ ਇਕ ਵਿਸ਼ਾਲ ਗਾਹਕ ਆਧਾਰ ਹੈ ਅਤੇ ਉਹ ਆਪਣੇ ਗਾਹਕਾਂ ਰਾਹੀਂ ਹਰ ਘਰ ਵਿੱਚ ਸੋਲਰ ਰੂਫ਼ਟਾਪ ਸਕੀਮ ਬਾਰੇ ਜਾਣਕਾਰੀ ਪਹੁੰਚਾ ਸਕਦੇ ਹਨ।
ਆਸ਼ਿਕਾ ਜੈਨ ਨੇ ਕਿਹਾ ਕਿ ਜੇਕਰ ਬੈਂਕ ਆਪਣੇ ਕਰਜ਼ਿਆਂ, ਘਰੇਲੂ ਕਰਜ਼ਿਆਂ, ਐਮ.ਐਸ.ਐਮ.ਈ ਅਤੇ ਹੋਰ ਵਿੱਤੀ ਸੇਵਾਵਾਂ ਦੇ ਨਾਲ-ਨਾਲ ਸੋਲਰ ਰੂਫਟਾਪ ਸਿਸਟਮ ਨੂੰ ਬੜ੍ਹਾਵਾ ਦਿੰਦੇ ਹਨ, ਤਾਂ ਲੋਕ ਇਸ ਯੋਜਨਾ ਨੂੰ ਆਸਾਨੀ ਨਾਲ ਅਪਣਾਉਣਗੇ। ਇਸ ਨਾਲ ਨਾ ਸਿਰਫ਼ ਬਿਜਲੀ ਦੇ ਬਿੱਲ ਘੱਟ ਹੋਣਗੇ, ਸਗੋਂ ਵਾਤਾਵਰਨ ਸੁਰੱਖਿਆ ਅਤੇ ਸਾਫ਼ ਊਰਜਾ ਨੂੰ ਵੀ ਉਤਸ਼ਾਹ ਮਿਲੇਗਾ।
ਉਨ੍ਹਾਂ ਬੈਂਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗਾਹਕਾਂ ਨੂੰ ਸੋਲਰ ਰੂਫਟਾਪਾਂ ਦੀਆਂ ਸਬਸਿਡੀਆਂ, ਵਿੱਤੀ ਸਹਾਇਤਾ ਅਤੇ ਤਕਨੀਕੀ ਪਹਿਲੂਆਂ ਬਾਰੇ ਜਾਣਕਾਰੀ ਦੇਣ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਉਠਾ ਸਕਣ। ਡਿਪਟੀ ਕਮਿਸ਼ਨਰ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਬੈਂਕਾਂ ਦੇ ਸਾਂਝੇ ਯਤਨਾਂ ਨਾਲ ਗੋ ਸੋਲਰ ਮੁਹਿੰਮ ਨੂੰ ਨਵੀਂ ਗਤੀ ਮਿਲੇਗੀ ਅਤੇ ਹੁਸ਼ਿਆਰਪੁਰ ਜ਼ਿਲ੍ਹਾ ਸਾਫ਼ ਅਤੇ ਹਰੀ ਊਰਜਾ ਦੀ ਦਿਸ਼ਾ ਵਿੱਚ ਇਕ ਮਿਸਾਲ ਬਣੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ (ਜਨਰਲ) ਓਇਸ਼ੀ ਮੰਡਲ, ਸਕੱਤਰ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ, ਸੰਯੁਕਤ ਸਕੱਤਰ ਆਦਿੱਤਿਆ ਰਾਣਾ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਵੀ ਮੌਜੂਦ ਸਨ

Comments
Post a Comment