ਬਾਲ ਵਿਆਹ ਰੋਕਥਾਮ ਸਬੰਧੀ ਲਗਾਇਆ ਜਾਗਰੂਕਤਾ ਕੈਂਪ



ਹੁਸ਼ਿਆਰਪੁਰ, 31 ਦਲਜੀਤ ਅਜਨੋਹਾ 
ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਰੋਕਣ ਅਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਇਕ ਵਿਸ਼ੇਸ਼ ਬਾਲ ਵਿਆਹ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ ਦੇ ਪਿੰਡ ਭਗਤੂਪੁਰ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਦਾ ਮੁੱਖ ਉਦੇਸ਼ ਮਾਪਿਆਂ, ਨੌਜਵਾਨਾਂ, ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਬਾਲ ਵਿਆਹ ਦੇ ਨੁਕਸਾਨਾਂ, ਬੱਚਿਆਂ ਦੇ ਅਧਿਕਾਰਾਂ ਅਤੇ ਇਸ ਨਾਲ ਸਬੰਧਿਤ ਕਾਨੂੰਨੀ ਪ੍ਰਾਵਧਾਨਾਂ ਬਾਰੇ ਜਾਣੂ ਕਰਵਾਉਣਾ ਸੀ।
        ਕੈਂਪ ਦੌਰਾਨ ਲੋਕਾਂ ਨੂੰ ਸਮਝਾਇਆ ਗਿਆ ਕਿ ਬਾਲ ਵਿਆਹ ਕਾਰਨ ਬੱਚਿਆਂ ਦੀ ਸਿੱਖਿਆ ਰੁਕ ਜਾਂਦੀ ਹੈ, ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਅਤੇ ਉਨ੍ਹਾਂ ਦਾ ਸਮੁੱਚਾ ਵਿਕਾਸ ਪ੍ਰਭਾਵਿਤ ਹੁੰਦਾ ਹੈ। ਭਾਰਤੀ ਕਾਨੂੰਨ ਅਨੁਸਾਰ 21 ਸਾਲ ਤੋਂ ਘੱਟ ਉਮਰ ਦੇ ਲੜਕੇ ਅਤੇ 18 ਸਾਲ ਤੋਂ ਘੱਟ ਉਮਰ ਦੀ ਲੜਕੀ ਦਾ ਵਿਆਹ ਕਰਨਾ ਕਾਨੂੰਨੀ ਅਪਰਾਧ ਹੈ। ਬਾਲ ਵਿਆਹ ਰੋਕਥਾਮ ਐਕਟ ਤਹਿਤ ਬਾਲ ਵਿਵਾਹ ਕਰਵਾਉਣ, ਇਸ ਵਿੱਚ ਮਦਦ ਕਰਨ ਜਾਂ ਉਕਸਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦਾ ਪ੍ਰਾਵਧਾਨ ਹੈ। ਕੈਂਪ ਦੌਰਾਨ ਲੋਕਾਂ ਨੂੰ ਇਹ ਵੀ ਦੱਸਿਆ ਗਿਆ ਕਿ ਬਾਲ ਵਿਆਹ ਦੀ ਜਾਣਕਾਰੀ ਮਿਲਣ ‘ਤੇ ਤੁਰੰਤ ਪ੍ਰਸ਼ਾਸਨ ਜਾਂ ਸਬੰਧਿਤ ਵਿਭਾਗ ਨੂੰ ਸੂਚਿਤ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।
ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਸਮੂਹ ਜਨਤਾ ਨੂੰ ਅਪੀਲ ਕੀਤੀ ਗਈ ਕਿ ਉਹ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਮੁਕਾਉਣ ਲਈ ਅੱਗੇ ਆਉਣ ਅਤੇ ਬੱਚਿਆਂ ਨੂੰ ਸਿੱਖਿਆ, ਸੁਰੱਖਿਆ ਅਤੇ ਬਿਹਤਰ ਭਵਿੱਖ ਪ੍ਰਦਾਨ ਕਰਨ ਵਿੱਚ ਸਹਿਯੋਗ ਦੇਣ। ਇਸ ਜਾਗਰੂਕਤਾ ਕੈਂਪ ਰਾਹੀਂ ਸਮਾਜ ਵਿੱਚ ਸਕਾਰਾਤਮਕ ਸੋਚ ਵਿਕਸਿਤ ਕਰਨ ਅਤੇ ਕਾਨੂੰਨ ਪ੍ਰਤੀ ਸੂਚੇਤਨਾ ਵਧਾਉਣ ਦਾ ਯਤਨ ਕੀਤਾ ਜਾ ਰਿਹਾ ਹੈ।

Comments