ਪਵਿੱਤਰ ਵੇਈ ਕਿਨਾਰੇ ਵਿਕਾਸ ਨੂੰ ਮਿਲੀ ਨਵੀਂ ਗਤੀ-ਸੈਦੋਂਵਾਲ ਤੋਂ ਭੂਸ਼ਾ ਪੁਲ਼ ਤੱਕ 3 ਕਰੋੜ ਰੁਪਏ ਦੀ ਲਾਗਤ ਨਾਲ 7 ਕਿਲੋਮੀਟਰ ਸੜਕ ਨਿਰਮਾਣ ਨੂੰ ਮਿਲੀ ਪ੍ਰਵਾਨਗੀ : ਸੰਤ ਬਲਬੀਰ ਸਿੰਘ ਸੀਚੇਵਾਲ-ਪਿੰਡ ਗਾਲੋਵਾਲ ਪਹੁੰਚੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ-ਵਿਧਾਇਕ ਕਰਮਬੀਰ ਸਿੰਘ ਘੁੰਮਣ ਤੇ ਡੀ.ਸੀ ਆਸ਼ਿਕਾ ਜੈਨ ਵੀ ਰਹੇ ਮੌਜੂਦ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
       ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਦਸੂਹਾ ਦੇ ਪਿੰਡ ਗਾਲੋਵਾਲ ਦਾ ਦੌਰਾ ਕਰਕੇ ਪਵਿੱਤਰ ਵੇਈਂ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
      ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪ੍ਰਸ਼ਾਸਨਿਕ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸ਼ਾਮਿਲ ਹੋਏ। ਪਵਿੱਤਰ ਵੇਈਂ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੇ ਵਿਕਾਸ, ਸੜਕ ਨਿਰਮਾਣ, ਪਾਣੀ ਦੀ ਸਪਲਾਈ, ਹੜ੍ਹਾਂ ਨਾਲ ਹੋਏ ਨੁਕਸਾਨ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
   ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਵਿੱਤਰ ਵੇਈਂ ਦੇ ਨਾਲ ਸੜਕ ਦੀ ਉਸਾਰੀ ਇਲਾਕੇ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ। ਇਸ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਦਸੂਹਾ ਇਲਾਕੇ ਦੇ ਸੈਦੋਂਵਾਲ ਪਿੰਡ ਤੋਂ ਭੂਸ਼ਾ ਪੁਲ਼ ਤੱਕ ਪਵਿੱਤਰ ਵੇਈਂ ਦੇ ਨਾਲ ਲੱਗਭਗ 7 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਕਿ ਟੇਰਕਿਆਣਾ ਤੋਂ ਸੁਲਤਾਨਪੁਰ ਲੋਧੀ ਤੱਕ ਜਾਂਦੀ ਹੈ। ਇਸ ਪ੍ਰੋਜੈਕਟ 'ਤੇ ਲੱਗਭਗ 3 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਦਰਜਨਾਂ ਪਿੰਡਾਂ ਨੂੰ ਸਿੱਧਾ ਲਾਭ ਹੋਵੇਗਾ ਅਤੇ ਆਵਾਜਾਈ ਦੀ ਸਹੂਲਤ ਮਿਲੇਗੀ।
     ਉਨ੍ਹਾਂ ਅੱਗੇ ਕਿਹਾ ਕਿ ਪਵਿੱਤਰ ਵੇਈਂ 'ਤੇ ਇਕ ਮਹੱਤਵਪੂਰਨ ਗੇਟ ਦੀ ਉਸਾਰੀ ਨਾਲ ਜੋੜੀ ਸਮੱਸਿਆ ਵੀ ਲੰਬੇ ਸਮੇਂ ਤੋਂ ਲੰਬਿਤ ਸੀ। ਹੁਣ ਲੱਗਭਗ 3.5 ਲੱਖ ਰੁਪਏ ਦੀ ਲਾਗਤ ਨਾਲ ਇਸ ਗੇਟ ਦੇ ਨਿਰਮਾਣ ਲਈ ਟੈਂਡਰ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ।
    ਪੀਣ ਵਾਲੇ ਪਾਣੀ ਦੀ ਸਮੱਸਿਆ ਸਬੰਧੀ ਗੱਲ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਘਾਟ ਹੈ, ਉਨ੍ਹਾਂ ਨੂੰ ਪਹਿਲਾਂ ਹੀ ਟੈਂਕਰ ਮੁਹੱਈਆ ਕਰਵਾਏ ਜਾ ਚੁੱਕੇ ਹਨ ਅਤੇ ਜਿਹੜੇ ਪਿੰਡ ਹੁਣ ਤੱਕ ਪੀਣ ਵਾਲੇ ਪਾਣੀ ਤੋਂ ਵਾਂਝੇ ਰਹੇ ਹਨ, ਉਨ੍ਹਾਂ ਨੂੰ ਵੀ ਜਲਦੀ ਹੀ ਟੈਂਕਰ ਮੁਹੱਈਆ ਕਰਵਾਏ ਜਾਣਗੇ।
    ਉਨ੍ਹਾਂ ਕਿਹਾ ਕਿ ਪਵਿੱਤਰ ਵੇਈਂ ਦੇ ਤੇਜ਼ ਵਹਾਅ ਕਾਰਨ ਕੁਝ ਥਾਵਾਂ 'ਤੇ ਕਟਾਅ ਅਤੇ ਨੁਕਸਾਨ ਹੋਇਆ ਹੈ। ਅਜਿਹੇ ਸੰਵੇਦਨਸ਼ੀਲ ਖੇਤਰਾਂ ਵਿੱਚ ਸਬੰਧਤ ਵਿਭਾਗਾਂ ਵੱਲੋਂ ਸੁਰੱਖਿਆ ਬੈਰੀਅਰਾਂ, ਪੁਲਾਂ ਅਤੇ ਹੋਰ ਜ਼ਰੂਰੀ ਕੰਮਾਂ ਦੇ ਨਿਰਮਾਣ ਲਈ ਸਰਵੇਖਣ ਕੀਤੇ ਜਾ ਰਹੇ ਹਨ। ਸਰਵੇਖਣ ਰਿਪੋਰਟ ਦੇ ਆਧਾਰ 'ਤੇ ਸਰਕਾਰ ਤੋਂ ਫੰਡ ਲੈ ਕੇ ਪਹਿਲ ਦੇ ਆਧਾਰ 'ਤੇ ਕੰਮ ਸ਼ੁਰੂ ਕੀਤਾ ਜਾਵੇਗਾ।
      ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਇਸ ਮੌਕੇ ਕਿਹਾ ਕਿ ਪਵਿੱਤਰ ਵੇਈਂ ਨਾਲ ਜੁੜੇ ਇਲਾਕਿਆਂ ਵਿੱਚ ਵਿਕਾਸ ਕਾਰਜ ਯੋਜਨਾਬੱਧ ਤਰੀਕੇ ਨਾਲ ਅੱਗੇ ਵਧਾਏ ਜਾ ਰਹੇ ਹਨ। ਸੜਕਾਂ ਦੀ ਉਸਾਰੀ, ਗੇਟ, ਪੁਲ, ਡਰੇਨੇਜ ਅਤੇ ਕਟਾਅ ਤੋਂ ਸੁਰੱਖਿਆ ਵਰਗੇ ਮੁੱਦਿਆਂ 'ਤੇ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਪੰਚਾਂ ਅਤੇ ਪਿੰਡ ਵਾਸੀਆਂ ਵੱਲੋਂ ਰੱਖੀਆਂ ਗਈਆਂ ਜਾਇਜ਼ ਮੰਗਾਂ ਨੂੰ ਪੜਾਅਵਾਰ ਪੂਰਾ ਕੀਤਾ ਜਾਵੇਗਾ।
   ਮੀਟਿੰਗ ਦੇ ਅਖੀਰ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ, ਐਸ.ਡੀ.ਐਮ ਅਤੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਪਿੰਡ ਵਾਸੀਆਂ ਨੇ ਬਾਬਾ ਸੀਚੇਵਾਲ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਾਰਗਦਰਸ਼ਨ ਨੇ ਇਲਾਕੇ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਵਾਤਾਵਰਨ, ਪਾਣੀ ਦੀ ਨਿਕਾਸੀ ਅਤੇ ਬੁਨਿਆਦੀ ਢਾਂਚੇ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਪ੍ਰਦਾਨ ਕੀਤਾ ਹੈ।
    ਇਸ ਮੌਕੇ ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਡੀ.ਐਸ.ਪੀ ਦਸੂਹਾ ਬਲਵਿੰਦਰ ਸਿੰਘ ਜੌੜਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Comments