ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਸਵੀਰ ਸਿੰਘ ਗੜ੍ਹੀ ਤੇ ਜੈ ਕ੍ਰਿਸ਼ਨ ਸਿੰਘ ਰੌੜੀ-ਸੰਤਾਂ-ਮਹਾਪੁਰਸ਼ਾਂ ਦਾ ਲਿਆ ਆਸ਼ੀਰਵਾਦ
ਹੁਸ਼ਿਆਰਪੁਰ/ਗੜ੍ਹਸ਼ੰਕਰ, 1 ਦਲਜੀਤ ਅਜਨੋਹਾ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਅਤੇ ਸ੍ਰੀ ਗੁਰੂ ਰਵਿਦਾਸ ਚਰਨਛੋਹ ਗੰਗਾ ਵਿਖੇ ਨਤਮਸਤਕ ਹੋਏ। ਇਸ ਮੌਕੇ ਦੋਵਾਂ ਨੇ ਸੂਬੇ ਦੀ ਸ਼ਾਂਤੀ ਅਤੇ ਖੁਸ਼ਹਾਲੀ, ਆਪਸੀ ਭਾਈਚਾਰੇ ਅਤੇ ਸਮਾਜ ਦੀ ਤਰੱਕੀ ਲਈ ਅਰਦਾਸ ਕੀਤੀ।
ਇਸ ਦੌਰਾਨ ਉਹ ਬਾਬਾ ਕੇਵਲ ਸਿੰਘ ਜੀ ਅਤੇ ਬਾਬਾ ਸੁਰਿੰਦਰ ਦਾਸ ਜੀ ਨੂੰ ਮਿਲੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸੰਤਾਂ-ਮਹਾਪੁਰਖਾਂ ਨਾਲ ਗੱਲਬਾਤ ਦੌਰਾਨ ਸਮਾਜਿਕ ਸਦਭਾਵਨਾ, ਸਮਾਨਤਾ ਅਤੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਜਨਤਾ ਤੱਕ ਪਹੁੰਚਾਉਣ 'ਤੇ ਵਿਸ਼ੇਸ਼ ਚਰਚਾ ਕੀਤੀ ਗਈ। ਸ੍ਰੀ ਗੜ੍ਹੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਸੰਦੇਸ਼ ਅੱਜ ਵੀ ਸਮਾਜ ਨੂੰ ਸਮਾਨਤਾ, ਕਰਮ ਅਤੇ ਮਾਨਵਤਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। ਇਸ ਤੋਂ ਪਹਿਲਾਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੜ੍ਹਸ਼ੰਕਰ ਦੇ ਪਿੰਡ ਗੜ੍ਹੀ ਮੱਟੋ ਵਿਖੇ ਬਲਾਕ ਸੰਮਤੀ ਮੈਂਬਰ ਡਾ. ਪਰਮਜੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ | ਇਸ ਮੀਟਿੰਗ ਦੌਰਾਨ ਇਲਾਕੇ ਦੇ ਵਿਕਾਸ ਕਾਰਜਾਂ, ਸਮਾਜ ਭਲਾਈ ਸਕੀਮਾਂ ਅਤੇ ਆਮ ਲੋਕਾਂ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕੀਤੀ ਗਈ।
ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਜੈ ਕ੍ਰਿਸ਼ਨ ਸਿੰਘ ਰੌੜੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਤਹਿਸੀਲ ਭਲਾਈ ਅਫ਼ਸਰ ਤਜਿੰਦਰ ਜੀਤ ਸਿੰਘ ਵੀ ਮੌਜੂਦ ਸਨ।
Comments
Post a Comment