ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਇੰਜੀਨੀਅਰਿੰਗ ਐਂਡ ਕੰਪਿਊਟਿੰਗ ਦੇ ਵਿਦਿਆਰਥੀਆਂ ਨੇ ਸਥਾਨਕ ਚੱਬੇਵਾਲ ਖੇਤਰ ਵਿੱਚ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਚਲਾਈ। ਇਸ ਮੁਹਿੰਮ ਰਾਹੀਂ ਵਿਦਿਆਰਥੀਆਂ ਨੇ ਲੋਕਾਂ ਵਿੱਚ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਡਾਇਰੈਕਟਰ-ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਅਤੇ ਡੀਨ ਡਾ. ਜਯੋਤਸਨਾ ਨੇ ਕੀਤੀ।

ਇਸ ਜਾਣਕਾਰੀ ਦਾ ਖੁਲਾਸਾ ਕਰਦਿਆਂ ਡੀਨ ਡਾ. ਜਯੋਤਸਨਾ ਨੇ ਦੱਸਿਆ ਕਿ ਮੁਹਿੰਮ ਦੌਰਾਨ ਵਿਦਿਆਰਥੀਆਂ ਨੇ ਦੋਪਹੀਆ ਵਾਹਨ ਸਵਾਰਾਂ ਨੂੰ ਹੈਲਮੇਟ ਪਹਿਨਣ, ਕਾਰ ਚਾਲਕਾਂ ਨੂੰ ਸੀਟ ਬੈਲਟ ਲਗਾਉਣ, ਤੇਜ਼ ਰਫ਼ਤਾਰ ਤੋਂ ਬਚਣ ਅਤੇ ਗੱਡੀ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਕਰਨ ਤੋਂ ਬਚਣ ਦੀ ਅਪੀਲ ਕੀਤੀ। ਵਿਦਿਆਰਥੀਆਂ ਨੇ ਚੌਰਾਹਿਆਂ 'ਤੇ ਰੁਕ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਅਤੇ ਪੈਂਫਲੇਟ ਵੰਡੇ।

ਇਸ ਤੋਂ ਇਲਾਵਾ, ਵਿਦਿਆਰਥੀਆਂ ਨੇ ਪਿੰਡ ਜਿਆਣ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਨਿਯਮਿਤ ਤੌਰ 'ਤੇ ਉਨ੍ਹਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕੀਤਾ।

ਇਸ ਮੌਕੇ ਵਾਈਸ ਚਾਂਸਲਰ ਡਾ. ਚੰਦਰ ਮੋਹਨ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਨੌਜਵਾਨਾਂ ਵੱਲੋਂ ਚਲਾਈਆਂ ਜਾ ਰਹੀਆਂ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਸਮਾਜ ਨੂੰ ਸਕਾਰਾਤਮਕ ਸੁਨੇਹਾ ਦਿੰਦੀਆਂ ਹਨ ਅਤੇ ਸੁਰੱਖਿਅਤ ਟ੍ਰੈਫਿਕ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

ਡਾਇਰੈਕਟਰ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਕਮੀ ਉਦੋਂ ਹੀ ਸੰਭਵ ਹੈ ਜਦੋਂ ਹਰ ਨਾਗਰਿਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੇ ਅਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰੇ।

ਇਸ ਮੌਕੇ ਵਿਭਾਗ ਮੁਖੀ ਡਾ. ਗੌਰਵ ਪਰਾਸ਼ਰ, ਪ੍ਰੋ. ਗੁਰਸ਼ਰਨ ਸੈਣੀ, ਪ੍ਰੋ. ਦਲਜੀਤ, ਪ੍ਰੋ. ਧਨਪ੍ਰੀਤ ਕੌਰ, ਪ੍ਰੋ. ਰਮਨ ਸਮੇਤ ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।

Comments