ਆਮ ਲੋਕਾਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ‘ਚ ਦੂਰਦਰਸ਼ੀ ਕਦਮ ਹੈ 'ਮੁੱਖ ਮੰਤਰੀ ਸਿਹਤ ਯੋਜਨਾ ਕਾਰਡ' : ਸੰਦੀਪ ਸੈਣੀ-ਬੈਕਫਿੰਕੋ ਦੇ ਚੇਅਰਮੈਨ ਨੇ ਯੋਜਨਾ ਨੂੰ ਇਤਿਹਾਸਕ ਕਦਮ ਦੱਸਿਆ
ਹੁਸ਼ਿਆਰਪੁਰ, 2 ਦਲਜੀਤ ਅਜਨੋਹਾ
ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਯੋਜਨਾ ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਅਤੇ ਲੋਕ ਭਲਾਈ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਇਕ ਮਜ਼ਬੂਤ ਉਦਾਹਰਨ ਹੈ। ਉਨ੍ਹਾਂ ਕਿਹਾ ਕਿ 8 ਜਨਵਰੀ, 2026 ਤੋਂ ਸੂਬੇ ਭਰ ਵਿੱਚ ਸ਼ੁਰੂ ਹੋਣ ਜਾ ਰਹੀ ਰਜਿਸਟ੍ਰੇਸ਼ਨ ਰਾਹੀਂ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਹਰ ਨਾਗਰਿਕ ਤੱਕ ਪਹੁੰਚਯੋਗ ਬਣਾਉਣ ਦਾ ਇਤਿਹਾਸਕ ਫ਼ੈਸਲਾ ਲਿਆ ਹੈ।
ਸੰਦੀਪ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਅਤੇ ਪੈਨਲ ਪ੍ਰਾਈਵੇਟ ਹਸਪਤਾਲਾਂ ਵਿੱਚ ਹਰ ਸਾਲ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਇਹ ਯੋਜਨਾ ਖਾਸ ਕਰਕੇ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਵਰਦਾਨ ਸਾਬਤ ਹੋਵੇਗੀ, ਜੋ ਮਹਿੰਗੇ ਇਲਾਜ ਕਾਰਨ ਸਿਹਤ ਸਹੂਲਤਾਂ ਤੋਂ ਵਾਂਝੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ 'ਤੇ ਵੱਧ ਤੋਂ ਵੱਧ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਕੋਈ ਵੀ ਨਾਗਰਿਕ ਸਿਰਫ਼ ਵਿੱਤੀ ਕਾਰਨਾਂ ਕਰਕੇ ਇਲਾਜ ਤੋਂ ਵਾਂਝਾ ਨਾ ਰਹੇ। ਇਹ ਯੋਜਨਾ ‘ਤੰਦਰੁਸਤ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਠੋਸ ਕਦਮ ਹੈ।
ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਕਾਰਡ ਪ੍ਰਾਪਤ ਕਰਨ ਲਈ ਇਕ ਵਿਅਕਤੀ ਦਾ ਪੰਜਾਬ ਦਾ ਨਿਵਾਸੀ ਹੋਣਾ ਲਾਜ਼ਮੀ ਹੈ। ਯੋਗ ਨਾਗਰਿਕ ਆਪਣੇ ਪਿੰਡ ਜਾਂ ਕਸਬੇ ਦੇ ਨੇੜੇ ਕਿਸੇ ਵੀ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ) 'ਤੇ ਜਾ ਕੇ ਕਾਰਡ ਪ੍ਰਾਪਤ ਕਰ ਸਕਦੇ ਹਨ। ਰਜਿਸਟ੍ਰੇਸ਼ਨ ਲਈ ਰਿਹਾਇਸ਼ੀ ਸਬੂਤ, ਜਿਵੇਂ ਕਿ ਆਧਾਰ ਕਾਰਡ ਅਤੇ ਵੋਟਰ ਆਈਡੀ ਕਾਰਡ, ਦੀ ਲੋੜ ਹੋਵੇਗੀ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਯੋਜਨਾ ਦਾ ਲਾਭ ਉਠਾਉਣ ਅਤੇ ਆਪਣੇ ਪਰਿਵਾਰਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ।
Comments
Post a Comment