ਹੁਸ਼ਿਆਰਪੁਰ/ਦਲਜੀਤ ਅਜਨੋਹਾ
ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।
ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ-ਨਾਲ ਹੋਰ ਨੌਕਰ ਰੱਖਣ ਵਾਲਿਆਂ ਦੇ ਨਾਮ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਸਮੇਤ ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂ, ਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ/ਦੁਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣ, ਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀ ਦਾ ਨਾਮ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ, ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਵਾਇਆ ਜਾਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮਾਂ ਅਨੁਸਾਰ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ। ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕਿਸੇ ਵੀ ਜਗ੍ਹਾ ‘ਤੇ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣਾ ਜ਼ਰੂਰੀ ਹੋਵੇ, ਤਾਂ ਉਸਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ।
ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸੇ ਤਰ੍ਹਾਂ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ ਅਤੇ ਮਿਲਟਰੀ ਰੰਗ ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ) ਵੱਲੋਂ ਨਹੀਂ ਕੀਤੀ ਜਾਵੇਗੀ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀਆਂ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ/ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ। ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ 18-ਐਮੂਨੀਸ਼ਨ ਡਿਪੂ, ਉੱਚੀ ਬੱਸੀ, ਤਹਿਸੀਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਗਜ਼ (914 ਮੀਟਰ) ਦੇ ਘੇਰੇ ਅੰਦਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾ ਦਿੱਤੀ ਹੈ। ਇਹ ਹੁਕਮ 7 ਮਾਰਚ 2026 ਤੱਕ ਲਾਗੂ ਰਹਿਣਗੇ।
Comments
Post a Comment