ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਤਹਿਤ ਜ਼ਿਲ੍ਹੇ ‘ਚ ਲਗਾਈਆਂ ਜਾ ਰਹੀਆਂ ਹਨ 349 ਯੋਗਾ ਕਲਾਸਾਂ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿਚ ਮੁਫ਼ਤ ਯੋਗਾ ਕਲਾਸਾਂ ਸਫਲਤਾਪੂਰਵਕ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਯੋਗ ਰਾਹੀਂ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।
ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੁੱਲ 349 ਯੋਗਾ ਕਲਾਸਾਂ ਨਿਯਮਿਤ ਤੌਰ 'ਤੇ ਸਵੇਰੇ ਅਤੇ ਸ਼ਾਮ ਨੂੰ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿਚ ਵੱਡੀ ਗਿਣਤੀ ਵਿੱਚ ਲੋਕ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ ਅਤੇ ਸਰੀਰਕ ਤੇ ਮਾਨਸਿਕ ਸਿਹਤ ਦੇ ਲਾਭ ਪ੍ਰਾਪਤ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਯੋਗਾ ਨਾ ਸਿਰਫ ਸਰੀਰ ਨੂੰ ਸਿਹਤਮੰਦ ਰੱਖਣ ਵਿਚ ਸਹਾਈ ਹੈ, ਬਲਕਿ ਮਾਨਸਿਕ ਤਣਾਅ ਨੂੰ ਦੂਰ ਕਰਨ ਅਤੇ ਜੀਵਨਸ਼ੈਲੀ ਸਬੰਧੀ ਬੀਮਾਰੀਆਂ ਤੋਂ ਬਚਾਅ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਿਤ ਤੌਰ 'ਤੇ ਯੋਗ ਅਭਿਆਸ ਅਪਣਾਉਣ ਅਤੇ ਸਿਹਤਮੰਦ ਜੀਵਨ ਵੱਲ ਵਧਣ।
ਮੁਹਿੰਮ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਸੰਚਾਲਨ ਲਈ ਜ਼ਿਲ੍ਹਾ ਕੋਆਰਡੀਨੇਟਰ ਕਿਰਨ ਬਾਲਾ ਵੱਲੋਂ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਰਾਂ ਵਿੱਚ ਨਵੀਆਂ ਯੋਗਾ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ ਉੱਥੇ ਢੁਕਵੀਂ ਜਗ੍ਹਾ ਉਪਲਬਧ ਹੋਵੇ ਅਤੇ ਘੱਟੋ-ਘੱਟ 25 ਲੋਕਾਂ ਦਾ ਸਮੂਹ ਤਿਆਰ ਹੋਣਾ ਜ਼ਰੂਰੀ ਹੈ।।
ਉਨ੍ਹਾਂ ਦੱਸਿਆ ਕਿ ਯੋਗਾ ਕਲਾਸਾਂ ਦਾ ਲਾਭ ਲੈਣ ਦੇ ਚਾਹਵਾਨ ਵਿਅਕਤੀ ਟੋਲ ਫਰੀ ਨੰਬਰ 7669400500 / 7888840161 ‘ਤੇ ਸੰਪਰਕ ਕਰ ਸਕਦੇ ਹਨ ਜਾਂ ਆਨਲਾਈਨ ਰਜਿਸਟ੍ਰੇਸ਼ਨ ਦੇ ਸਬੰਧਤ ਪੋਰਟਲ ‘ਤੇ ਲੌਗਇਨ ਕਰ ਸਕਦੇ ਹਨ।

Comments
Post a Comment