ਮੀਨਾਰ-ਏ-ਬੇਗਮਪੁਰਾ ਤੇ ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਦੇ ਅਧੂਰੇ ਕੰਮ ਜਲਦ ਹੋਣਗੇ ਪੂਰੇ : ਜਸਵੀਰ ਸਿੰਘ ਗੜ੍ਹੀ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੇ ਮੀਨਾਰ-ਏ-ਬੇਗਮਪੁਰਾ ਦਾ ਕੀਤਾ ਦੌਰਾ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੰਤ ਸਮਾਜ ਨਾਲ ਮੀਨਾਰ-ਏ-ਬੇਗਮਪੁਰਾ, ਸ੍ਰੀ ਖੁਰਾਲਗੜ੍ਹ ਸਾਹਿਬ ਦਾ ਦੌਰਾ ਕਰਕੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਇਥੇ ਸੂਬਾ ਪੱਧਰੀ ਤਿੰਨ ਰੋਜ਼ਾ ਸਮਾਗਮ ਕਰਵਾਏ ਗਏ, ਜਿਸ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਮੇਤ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਵਿਸ਼ੇਸ਼ ਰੂਪ ਵਿਚ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ ਵਿਚ ਚੱਲ ਰਹੇ ਅਤੇ ਰਹਿੰਦੇ ਕੰਮਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮਾਰਕ ਨਾਲ ਜੁੜੇ ਅਧੂਰੇ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਜਲਦ ਪੂਰਾ ਕਰਵਾਉਣ ਲਈ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨਾਲ ਵਿਸਥਾਰ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜ਼ਰੂਰੀ ਪ੍ਰਸਤਾਵ ਰਾਜ ਸਰਕਾਰ ਅੱਗੇ ਰੱਖੇ ਜਾਣਗੇ, ਤਾਂ ਜੋ ਪਵਿੱਤਰ ਸਥਾਨ ਦਾ ਵਿਕਾਸ ਯਕੀਨੀ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਧਰਤੀ ਹੈ, ਜੋ ਕਿ ਦੇਸ਼-ਵਿਦੇਸ਼ ਦੀ ਸੰਗਤ ਲਈ ਅਟੁਟ ਸ਼ਰਧਾ ਦਾ ਕੇਂਦਰ ਹੈ। ਇਸ ਇਤਿਹਾਸਕ ਅਤੇ ਧਾਰਮਿਕ ਸਥਾਨ ਦੇ ਰੱਖ-ਰਖਾਵ, ਸੁੰਦਰੀਕਰਨ ਅਤੇ ਮੁਢਲੀਆਂ ਸਹੂਲਤਾਂ ਦੇ ਵਿਸਥਾਰ ਲਈ ਕਮਿਸ਼ਨ ਹਰ ਸੰਭਵ ਯਤਨ ਕਰੇਗਾ।
ਇਸ ਮੌਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਪ੍ਰਧਾਨ ਭਾਈ ਕੇਵਲ ਸਿੰਘ, ਸ੍ਰੀ ਚਰਨ ਛੋਹ ਗੰਗਾ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ, ਗੁਰਲਾਲ ਸੈਲਾ, ਚੇਅਰਮੈਨ ਡਾ. ਕੁਲਵਰਨ ਸਿੰਘ, ਜੀਤ ਸਿੰਘ ਬਗਵਾਈਂ, ਕਰਮ ਚੰਦ, ਨਰੇਸ਼ ਸਿੰਘ, ਚਰਨ ਭਾਰਤੀ, ਸੁਖਦੇਵ ਸਿੰਘ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।

Comments
Post a Comment