ਵਿਕਾਸ ਕੰਮਾਂ ਦੀ ਸਮੀਖਿਆ ਕਰਕੇ ਵਿਭਾਗਾਂ ਨੂੰ ਸਮਾਂਬੱਧ ਢੰਗ ਨਾਲ ਕੰਮ ਕਰਨ ਦੇ ਦਿੱਤੇ ਨਿਰਦੇਸ਼ਏ.ਡੀ.ਸੀ. ਦੀ ਅਗਵਾਈ ’ਚ ਹੋਈ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗਕਿਹਾ, ਨਸ਼ਿਆਂ ਦੇ ਖਾਤਮੇ ਲਈ ਸਾਰੇ ਵਿਭਾਗ ਮਿਲ ਕੇ ਕਰਨ ਕੰਮਨਸ਼ਾ ਵਿਰੋਧੀ ਮੁਹਿੰਮ ’ਚ ਜ਼ਿਲ੍ਹਾ ਪੁਲਿਸ ਨੇ ਫਰਵਰੀ ਮਹੀਨੇ ’ਚ ਐਨ.ਡੀ.ਪੀ.ਐਸ ਤਹਿਤ 111 ਮਾਮਲੇ ਕੀਤੇ ਦਰਜ, 121 ਗ੍ਰਿਫਤਾਰ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ ਅੱਜ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਸਾਰੇ ਯੋਗ ਵਿਅਕਤੀਆਂ ਤੱਕ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣ ਅਤੇ ਕੰਮਾਂ ਵਿਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੱਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਨੇ ਵਿਭਾਗਾਂ ਮੁਖੀਆਂ ਤੋਂ ਉਨ੍ਹਾਂ ਦੇ ਕੰਮਕਾਜ ਦੀ ਜਾਣਕਾਰੀ ਵੀ ਹਾਸਲ ਕੀਤੀ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ ਇਸ ਦੌਰਾਨ ਐਨ ਕਾਰਡ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹੇ ਵਿਚ ਨਸ਼ਿਆਂ ਦੇ ਖਾਤਮੇ ਲਈ ਸਾਰੇ ਵਿਭਾਗ ਇਕਜੁਟਤਾ ਨਾਲ ਕੰਮ ਕਰਨ ਤਾਂ ਜੋ ਸਮਾਜ ਵਿਚ ਫੈਲੇ ਇਸ ਜਹਿਰ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਇਸ ਦੌਰਾਨ ਜ਼ਿਲ੍ਹਾ ਪੁਲਿਸ ਵਲੋਂ ਡੀ.ਐਸ.ਪੀ. ਪਲਵਿੰਦਰ ਸਿੰਘ ਨੇ ਦੱਸਿਆ ਕਿ ਫਰਵਰੀ ਮਹੀਨੇ ਵਿਚ ਐਨ.ਡੀ.ਪੀ.ਐਸ ਐਕਟ ਤਹਿਤ 111 ਐਫ.ਆਈ.ਆਰ. ਦਰਜ ਕੀਤੀ ਗਈ ਅਤੇ 121 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 16,90,400 ਰੁਪਏ ਦੀ ਪ੍ਰਾਪਰਟੀ ਸੀਜ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋ਼ ਨਸ਼ਾ ਜਾਗਰੂਕਤਾ ਸਬੰਧੀ 95 ਸੈਮੀਨਾਰ ਲਗਾਏ ਗਏ। ਵਧੀਕ ਡਿਪਟੀ ਕਮਿਸ਼ਨਰ ਨੇ ਸਕੂਲ ਸਿੱਖਿਆ ਵਿਭਾਗ, ਸਿਹਤ, ਡਰੱਗ ਕੰਟਰੋਲ, ਆਬਕਾਰੀ ਤੇ ਕਰ, ਪੁਲਿਸ ਵਿਭਾਗ ਤੋਂ ਇਲਾਵਾ ਹੋਰ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਪੱਧਰ ’ਤੇ ਨਸ਼ਿਆਂ ਨੂੰ ਰੋਕਣ ਸਬੰਧੀ ਹਰ ਜ਼ਰੂਰੀ ਕਾਰਵਾਈ ਅਮਲ ਵਿਚ ਲਿਆਉਣ।
ਵਧੀਕ ਡਿਪਟੀ ਕਮਿਸ਼ਨਰ ਨੇ ਰੋਡ ਸੇਫਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਲਾਕ ਸਪਾਟ ਨੂੰ ਸ਼ਨਾਖਤ ਕਰਕੇ ਸੁਰੱਖਿਆ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਰਾਹਗੀਰ ਦੁਰਘਟਨਾ ਦਾ ਸ਼ਿਕਾਰ ਨਾ ਹੋ ਸਕੇ। ਇਸ ਦੌਰਾਨ ਟਰਾਂਸਪੋਰਟ ਵਿਭਾਗ ਵਲੋਂ ਦੱਸਿਆ ਗਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਫਰਵਰੀ ਮਹੀਨੇ ਵਿਚ 83 ਸਕੂਲ ਵਾਹਨ ਚੈੱਕ ਕੀਤੇ ਗਏ ਅਤੇ 4 ਚਾਲਾਨ ਕੱਟੇ ਗਏ। ਇਸੇ ਤਰ੍ਹਾਂ ਪੁਲਿਸ ਵਿਭਾਗ ਵਲੋਂ ਇਨਫੋਰਸਮੈਂਟ ਡਰਾਈਵ ਤਹਿਤ ਫਰਵਰੀ ਮਹੀਨੇ ਵਿਚ 5797 ਚਾਲਾਨ ਕੱਟੇ ਗਏ ਇਸ ਵਿਚ 633 ਚਾਲਾਨ ਮੌਕੇ ’ਤੇ ਕੱਟ ਕੇ 4,30,000 ਰੁਪਏ ਜ਼ੁਰਮਾਨਾ ਵਸੂਲਿਆ ਗਿਆ।
ਇਸ ਉਪਰੰਤ ਉਨ੍ਹਾਂ ਨੇ ਜੀ.ਐਸ.ਟੀ., ਐਕਸਾਈਜ਼, ਜ਼ਿਲ੍ਹਾ ਇਨਵਾਇਰਮੈਂਟ ਕਮੇਟੀ, ਯੂ.ਈ.ਆਈ.ਪੀ, ਸਵੱਛ ਭਾਰਤ ਮੁਹਿੰਮ ਅਰਬਨ, ਠੋਸ ਅਤੇ ਤਰਲ ਕਚਰਾ ਪ੍ਰਬੰਧਨ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਦੇ ਕੰਮਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਵਿਕਾਸ ਕੰਮਾਂ ਵਿਚ ਪਾਰਦਰਸ਼ਤਾ, ਗੁਣਵੱਤਾ ਅਤੇ ਸਮਾਂਬੱਧ ਯਕੀਨੀ ਕਰਨਾ ਹੈ। ਸਾਰੇ ਵਿਭਾਗ ਇਹ ਯਕੀਨੀ ਬਣਾਉਣ ਕਿ ਹਰ ਯੋਜਨਾ ਦਾ ਲਾਭ ਆਮ ਜਨਤਾ ਤੱਕ ਪਹੁੰਚੇ। ਇਸ ਮੌਕੇ ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ, ਐਸ.ਡੀ.ਐਮ. ਮੁਕੇਰੀਆਂ ਜਿਓਤੀਸਨਾ, ਐਸ.ਡੀ.ਐਮ ਟਾਂਡਾ ਲਵਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਗੁਰਪ੍ਰੀਤ ਕੌਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Comments
Post a Comment