ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਵਜੋਂ ਸੰਭਾਲਿਆ ਕਾਰਜਭਾਰ


ਹੁਸ਼ਿਆਰਪੁਰ / ਦਲਜੀਤ ਅਜਨੋਹਾ
ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਕਮਲਜੀਤ ਪਾਲ ਨੇ ਅੱਜ ਇੱਥੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ (ਡੀਪੀਆਰਓ) ਹੁਸ਼ਿਆਰਪੁਰ ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਯੋਜਨਾਵਾਂ, ਭਲਾਈ ਕਾਰਜਾਂ, ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਬਾਰੇ ਲੋਕਾਂ ਨੂੰ ਜ਼ਮੀਨੀ ਪੱਧਰ ਤੱਕ ਜਾਗਰੂਕ ਕਰਨ ਲਈ ਉਹ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਜਨਹਿਤਕ ਨੀਤੀਆਂ ਅਤੇ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਆਮ ਲੋਕਾਂ ਤੱਕ ਪਹੁੰਚਾਉਣਾ ਵਿਭਾਗ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਇਸ ਦਿਸ਼ਾ ਵਿੱਚ ਮੀਡੀਆ ਦੇ ਸਹਿਯੋਗ ਨਾਲ ਹੋਰ ਬਿਹਤਰ ਕੰਮ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਮਲ ਪਾਲ ਮੁੱਖ ਮੰਤਰੀ ਦਫ਼ਤਰ ਵਿੱਚ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਹ ਅੰਮ੍ਰਿਤਸਰ, ਬਠਿੰਡਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿੱਚ ਵੀ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।

Comments