ਵਿਸ਼ਵ ਟੀਕਾਕਰਨ ਹਫ਼ਤਾ ਮਨਾਉਣ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਦਾ ਆਗਾਜ਼ਹੁਸ਼ਿਆਰਪੁਰ ਵਿੱਚ 24 ਅਪ੍ਰੈਲ ਤੋਂ 30 ਅਪ੍ਰੈਲ 2026 ਤੱਕ ਮਨਾਇਆ ਜਾਵੇਗਾ ਵਿਸ਼ਵ ਟੀਕਾਕਰਨ ਹਫ਼ਤਾ

 

ਹੁਸ਼ਿਆਰਪੁਰ/ਦਲਜੀਤ ਅਜਨੋਹਾ 

ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸੀਮਾ ਗਰਗ ਦੀ ਦੇਖ-ਰੇਖ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 24 ਅਪ੍ਰੈਲ ਤੋਂ 30 ਅਪ੍ਰੈਲ 2026 ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਟੀਕਾਕਰਨ ਦੇ ਮਹੱਤਵ ਬਾਰੇ ਜਾਗਰੂਕ ਕਰਨਾ ਅਤੇ ਟੀਕਿਆਂ ਨਾਲ ਰੋਕੀਆਂ ਜਾ ਸਕਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਨਾ ਹੈ।

ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਦੱਸਿਆ ਕਿ ਵਿਸ਼ਵ ਟੀਕਾਕਰਨ ਹਫ਼ਤਾ ਮਨਾਉਣ ਦਾ ਮਕਸਦ ਸਮਾਜ ਦੇ ਹਰ ਵਰਗ ਤੱਕ ਟੀਕਾਕਰਨ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਟੀਕਾਕਰਨ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਲਈ ਬਹੁਤ ਜ਼ਰੂਰੀ ਹੈ, ਜਿਸ ਨਾਲ ਕਈ ਘਾਤਕ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਸਾਰੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦਾ ਟੀਕਾਕਰਨ ਸਰਕਾਰੀ ਸਮਾਂ-ਸੂਚੀ ਅਨੁਸਾਰ ਜ਼ਰੂਰ ਕਰਵਾਇਆ ਜਾਵੇ।

ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸੀਮਾ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹਫ਼ਤੇ ਦੌਰਾਨ ਜ਼ਿਲ੍ਹੇ ਦੇ ਸ਼ਹਿਰੀ ਅਤੇ ਦੂਰ-ਦਰਾਜ਼ ਖੇਤਰਾਂ ਵਿੱਚ ਖ਼ਾਸ ਕੈਂਪ ਲਗਾਏ ਜਾਣਗੇ, ਤਾਂ ਜੋ ਟੀਕਾਕਰਨ ਕਵਰੇਜ ਨੂੰ ਵਧਾਇਆ ਜਾ ਸਕੇ। ਇਸ ਦੇ ਨਾਲ ਹੀ ਸਕੂਲਾਂ ਵਿੱਚ ਇੰਟਰ-ਸਕੂਲ ਕਵਿਜ਼ ਮੁਕਾਬਲੇ ਕਰਵਾਏ ਜਾਣਗੇ ਅਤੇ ਬੱਚਿਆਂ ਵਿੱਚ ਟੀਕਾਕਰਨ ਬਾਰੇ ਜਾਣਕਾਰੀ ਫੈਲਾਈ ਜਾਵੇਗੀ।

ਉਨ੍ਹਾਂ ਨੇ ਹੋਰ ਦੱਸਿਆ ਕਿ IEC (Information, Education & Communication) ਗਤੀਵਿਧੀਆਂ ਰਾਹੀਂ ਲੋਕਾਂ ਨੂੰ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਦੇ ਇਲਾਵਾ ਸਕੂਲੀ ਬੱਚਿਆਂ ਵੱਲੋਂ ਰੈਲੀਆਂ ਕੱਢ ਕੇ ਸਮਾਜ ਵਿੱਚ ਸੁਨੇਹਾ ਫੈਲਾਇਆ ਜਾਵੇਗਾ ਕਿ ਟੀਕਾਕਰਨ ਸੁਰੱਖਿਅਤ ਅਤੇ ਜ਼ਰੂਰੀ ਹੈ।

ਸਿਹਤ ਵਿਭਾਗ ਵੱਲੋਂ ਸਾਰੇ ਸਿਹਤ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਹਫ਼ਤੇ ਦੌਰਾਨ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਬਣਾਉਣ ਅਤੇ ਹਰ ਯੋਗ ਵਿਅਕਤੀ ਦਾ ਟੀਕਾਕਰਨ ਯਕੀਨੀ ਬਣਾਉਣ। 
  ਅੰਤ ਵਿੱਚ ਸਿਵਲ ਸਰਜਨ ਨੇ ਸਾਰੇ ਸਿਹਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਵਿੱਚ ਯੋਗਦਾਨ ਪਾਉਣ ਅਤੇ ਜ਼ਿਲ੍ਹੇ ਨੂੰ ਟੀਕਾਕਰਨ ਵਿੱਚ ਅੱਗੇ ਲਿਜਾਣ ਲਈ ਯਤਨ ਕਰਨ।

Comments