ਮੁਫ਼ਤ ਯੋਜਨਾਵਾਂ ਨਾਲੋਂ ਵੱਧ ਜ਼ਰੂਰੀ ਹੈ ਪੂਰੀ ਬਿਜਲੀ ਅਤੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ / ਸੰਜੀਵ ਅਰੋੜਾ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
      ਭਾਰਤ ਵਿਕਾਸ ਪਰਿਸ਼ਦ ਦੇ ਪ੍ਰਧਾਨ ਅਤੇ ਪ੍ਰਮੁੱਖ ਸਮਾਜਸੇਵੀ ਸੰਜੀਵ ਅਰੋੜਾ ਨੇ ਪ੍ਰੈਸ ਵਿਗਿਅਪਤੀ ਵਿੱਚ ਕਿਹਾ ਕਿ ਪੰਜਾਬ ਵਿੱਚ ਬਿਜਲੀ ਸਪਲਾਈ ਦੀ ਹਾਲਤ ਬਹੁਤ ਹੀ ਖਰਾਬ ਹੈ। ਦਿਨ ਵਿੱਚ 6 ਤੋਂ 8 ਘੰਟੇ ਤੱਕ ਬਿਜਲੀ ਬੰਦ ਰਹਿੰਦੀ ਹੈ।ਸ਼੍ਰੀ ਅਰੋੜਾ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਵਿਭਾਗ ਵੱਲੋਂ ਕੱਟ ਲਗਾਉਂਦੇ ਸਮੇਂ ਲੋਕਾਂ ਦੀਆਂ ਮੁਸ਼ਕਲਾਂ ਦਾ ਜ਼ਰਾ ਵੀ ਧਿਆਨ ਨਹੀਂ ਰੱਖਿਆ ਜਾਂਦਾ। ਸਵੇਰੇ ਅਤੇ ਸ਼ਾਮ ਦੇ ਸਮੇਂ, ਜਦੋਂ ਪਾਣੀ ਦੀ ਸਪਲਾਈ ਹੁੰਦੀ ਹੈ, ਉਸ ਵੇਲੇ ਵੀ ਬਿਜਲੀ ਕੱਟ ਲੱਗ ਜਾਂਦਾ ਹੈ, ਜਿਸ ਨਾਲ ਲੋਕਾਂ ਦੀਆਂ ਪਰੇਸ਼ਾਨੀਆਂ ਹੋਰ ਵੱਧ ਜਾਂਦੀਆਂ ਹਨ।ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਰਹਿਣ ਵਾਲੇ ਲੋਕਾਂ ਨਾਲ ਬਿਜਲੀ ਅਤੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਵਿੱਚ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਹੋਣਾ ਚਾਹੀਦਾ, ਕਿਉਂਕਿ ਪਿੰਡ ਅਤੇ ਸ਼ਹਿਰ ਦੋਵੇਂ ਦੇਸ਼ ਦੇ ਵਿਕਾਸ ਵਿੱਚ ਬਰਾਬਰ ਦੇ ਹਿੱਸੇਦਾਰ ਹਨ। ਇਸ ਲਈ ਸਹੂਲਤਾਂ ਵੀ ਸਭ ਨੂੰ ਬਰਾਬਰ ਮਿਲਣੀਆਂ ਚਾਹੀਦੀਆਂ ਹਨ।ਸੰਜੀਵ ਅਰੋੜਾ ਨੇ ਕਿਹਾ ਕਿ ਪਾਣੀ ਇਨਸਾਨ ਦੀ ਸਭ ਤੋਂ ਵੱਡੀ ਲੋੜ ਹੈ, ਇਸ ਲਈ ਬਿਜਲੀ ਕੱਟ ਹੋਣ ਦੇ ਬਾਵਜੂਦ ਵੀ ਪਾਣੀ ਦੀ ਸਪਲਾਈ ਬੰਦ ਨਹੀਂ ਹੋਣੀ ਚਾਹੀਦੀ। ਇਸ ਲਈ ਵੱਖਰਾ ਅਤੇ ਮਜ਼ਬੂਤ ਸਿਸਟਮ ਤਿਆਰ ਕੀਤਾ ਜਾਣਾ ਚਾਹੀਦਾ ਹੈ।
      ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਮੁਫ਼ਤ ਬਿਜਲੀ ਜਾਂ ਹੋਰ ਮੁਫ਼ਤ ਸਹੂਲਤਾਂ ਦੇਣ ਦੀ ਬਜਾਏ ਨਿਯਮਿਤ ਅਤੇ ਪੂਰੀ ਸਪਲਾਈ ਯਕੀਨੀ ਬਣਾਉਣੀ ਚਾਹੀਦੀ ਹੈ। ਜੇ ਲੋੜ ਪਏ ਤਾਂ ਦਰਾਂ ਘੱਟ ਕੀਤੀਆਂ ਜਾ ਸਕਦੀਆਂ ਹਨ ਤਾਂ ਜੋ ਆਮ ਲੋਕਾਂ ‘ਤੇ ਆਰਥਿਕ ਬੋਝ ਨਾ ਪਏ, ਪਰ ਸੇਵਾਵਾਂ ਲਗਾਤਾਰ ਮਿਲਣੀਆਂ ਚਾਹੀਦੀਆਂ ਹਨ। ਇਸ ਤਰ੍ਹਾਂ ਸਰਕਾਰ ਸਸਤੀ ਦਰਾਂ ‘ਤੇ ਵਧੀਆ ਸੇਵਾਵਾਂ ਮੁਹੱਈਆ ਕਰਵਾ ਸਕਦੀ ਹੈ ਅਤੇ ਵਿਭਾਗਾਂ ਦੀ ਆਰਥਿਕ ਹਾਲਤ ਵੀ ਮਜ਼ਬੂਤ ਹੋ ਸਕਦੀ ਹੈ।

Comments