ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆਅਧਿਕਾਰੀਆਂ ਨੂੰ ਕੰਮਾਂ ਦੀ ਰਫਤਾਰ ‘ਚ ਤੇਜ਼ੀ ਲਿਆਉਣ ਅਤੇ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ਦਿਸ਼ਾ ਮੀਟਿੰਗ ‘ਚ ਕੈਬਨਿਟ ਮੰਤਰੀ, ਵਿਧਾਇਕਾਂ ਅਤੇ ਅਧਿਕਾਰੀਆਂ ਦੀ ਮੌਜੂਦਗੀ ‘ਚ ਕੇਂਦਰ-ਰਾਜ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਮੌਜੂਦਾ ਸਥਿਤੀ ਦਾ ਲਿਆ ਜਾਇਜ਼ਾ ਹਰੇਕ ਯੋਗ ਲਾਭਪਾਤਰੀ ਤੱਕ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਹੋਵੇ: ਡਾ. ਚੱਬੇਵਾਲਬਰਸਾਤਾਂ ਦੇ ਮੌਸਮ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੇਂ ਸਿਰ ਢੁੱਕਵੇਂ ਇੰਤਜ਼ਾਮ ਕਰਨ ਦੀ ਹਦਾਇਤ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਲੋਕ ਸਭਾ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰਨ ਦੇ ਨਾਲ-ਨਾਲ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਦਿਸ਼ਾ ਦੀ ਮੀਟਿੰਗ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਪੱਖੀ ਯੋਜਨਾਵਾਂ ਸਮੇਤ 40 ਦੇ ਕਰੀਬ ਵੱਖ-ਵੱਖ ਪ੍ਰੋਗਰਾਮਾਂ ਦੀ ਸਥਿਤੀ ਅਤੇ ਮੁਕੰਮਲ ਕਰਨ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਲੋਕ ਸਭਾ ਮੈਂਬਰ ਨੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਸਕੀਮਾਂ ਬਾਰੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਲਾਗੂ ਕਰਨ ਵਿਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਨਤਕ ਹਿੱਤਾਂ ਨੂੰ ਮੱਦੇਨਜ਼ਰ ਰੱਖਦਿਆਂ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਬਣਦਾ ਲਾਭ ਮਿਲ ਸਕੇ।
ਸੰਸਦ ਮੈਂਬਰ ਡਾ. ਚੱਬੇਵਾਲ ਨੇ ਆਗਾਮੀ ਬਰਸਾਤੀ ਮੌਸਮ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੇਂ ਸਿਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਕੰਢੀ ਖੇਤਰ ਨੂੰ ਅਕਸਰ ਹੜ੍ਹਾਂ ਦੀ ਮਾਰ ਝੱਲਣੀ ਪੈਂਦੀ ਹੈ ਅਤੇ ਇਸ ਵਾਰ ਪਹਿਲਾਂ ਤੋਂ ਹੀ ਢੁੱਕਵੇਂ ਇੰਤਜ਼ਾਮ ਅਮਲ ਵਿਚ ਲਿਆਂਦੇ ਜਾਣ ਤਾਂ ਜੋ ਕਿਸੇ ਵੀ ਹੰਗਾਮੀ ਹਾਲਤ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਯੋਗ ਲਾਭਪਾਤਰੀਆਂ ਨੂੰ ਪੱਕੇ ਮਕਾਨ ਬਣਾਉਣ ਲਈ ਲੋੜੀਂਦੀ ਵਿੱਤੀ ਮਦਦ ਦੇਣ ਦੇ ਕੇਸਾਂ ਨੂੰ ਤਰਜ਼ੀਹ ਦੇ ਆਧਾਰ ’ਤੇ ਵਿਚਾਰਦਿਆਂ ਤਿੰਨ ਕਿਸ਼ਤਾਂ ਵਿਚ ਰਕਮ ਜਾਰੀ ਕਰਨੀ ਯਕੀਨੀ ਬਣਾਈ ਜਾਵੇ।
ਐਮ.ਪੀ.ਲੈਡ ਸਕੀਮ ਤਹਿਤ ਅਲਾਟ ਹੋਏ 140 ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਾ. ਚੱਬੇਵਾਲ ਨੇ ਮੁਕੰਮਲ ਹੋ ਚੁੱਕੇ ਕਾਰਜਾਂ ’ਤੇ ਤਸੱਲੀ ਪ੍ਰਗਟਾਉਂਦਿਆਂ ਚੱਲ ਰਹੇ ਕਾਰਜਾਂ ਦੀ ਰਫਤਾਰ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਊਨਾ ਰੋਡ ਦੀ ਹਾਲਤ ਵਿਚ ਸੁਧਾਰ ਲਿਆਉਣ ਬਾਰੇ ਵਿਚਾਰ ਰੱਖਣ ’ਤੇ ਡਾ. ਚੱਬੇਵਾਲ ਨੇ ਐਨ.ਐਚ.ਏ.ਆਈ. , ਜੰਗਲਾਤ ਵਿਭਾਗ ਅਤੇ ਸਬੰਧਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕ ਹਿੱਤ ਵਿਚ ਇਸ ਰੋਡ ਨੂੰ ਵਧੀਆ ਸੜਕ ਵਜੋਂ ਵਿਕਸਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਆਪਸੀ ਤਾਲਮੇਲ ਰਾਹੀਂ ਇਸ ਲੋਕ ਪੱਖੀ ਪ੍ਰੋਜੈਕਟ ਨੂੰ ਧੁਰੇ ਚਾੜ੍ਹਨ ਲਈ ਵਧੀਆ ਤਰੀਕੇ ਨਾਲ ਕੰਮ ਕਰਨ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਹੁਸ਼ਿਆਰਪੁਰ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦੇ ਪ੍ਰੋਜੈਕਟ ਦੀ ਸਥਿਤੀ ਬਾਰੇ ਪੁੱਛੇ ਜਾਣ ’ਤੇ ਸਬੰਧਤ ਅਧਿਕਾਰੀਆਂ ਨੇ ਦੱਸਿਆ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ ਜੋ ਆਉਂਦੇ ਦੋ ਸਾਲਾਂ ਵਿਚ ਮੁਕੰਮਲ ਹੋਵੇਗਾ। ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਤਹਿਤ ਟਾਂਡਾ ਤੋਂ ਢੋਲਬਾਹਾ ਰੋਡ, ਸਹੋੜਾ ਕੰਢੀ ਤੋਂ ਗੜ੍ਹਦੀਵਾਲਾ-ਰਘਵਾਲ ਰੋਡ ਤੋਂ ਪੰਡੋਰੀ ਅਟਵਾਲ, ਤਲਵਾੜਾ-ਮੁਬਾਰਕਪੁਰ ਰੋਡ ਤੋਂ ਹਾਜੀਪੁਰ ਢੋਲਬਾਹਾ ਰੋਡ ਵਾਇਰ ਬਰਿੰਗਲੀ, ਬੈੜਿੰਗ, ਬਹਿ ਖੁਸ਼ਹਾਲਾ ਤੋਂ ਇਲਾਵਾ ਐਨ.ਐਚ.-44 ਤੋਂ ਮੁਕੇਰੀਆਂ ਵਾਇਆ ਹਿਆਤਪੁਰ-ਸਿਬੋਚੱਕ, ਹਰਦੋਖੁੰਦਪੁਰ-ਫਿਰੋਜਪੁਰ ਤੋਂ ਘਸੀਟਪੁਰ ਸੜਕਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਡਾ. ਚੱਬੇਵਾਲ ਨੇ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ, ਕ੍ਰਿਸ਼ੀ ਵਿਕਾਸ ਯੋਜਨਾ, ਬੇਟੀ ਬਚਾਓ-ਬੇਟੀ ਪੜ੍ਹਾਓ ਯੋਜਨਾ, ਬੱਚਿਆਂ ਦੇ ਵਿਕਾਸ, ਪੋਸ਼ਣ ਅਭਿਆਨ ਤੋਂ ਇਲਾਵਾ ਰਾਸ਼ਟਰੀ ਬਾਗਬਾਨੀ ਮਿਸ਼ਨ, ਰੋਜ਼ਗਾਰ ਸਿਰਜਣ ਯੋਜਨਾ, ਕੰਢੀ ਕੈਨਾਲ ਪ੍ਰੋਜੈਕਟਾਂ, ਸਵੱਛ ਭਾਰਤ ਮਿਸ਼ਨ, ਮਗਨਰੇਗਾ ਅਤੇ ਨੈਸ਼ਨਲ ਹਾਈ ਵੇਅਜ਼ ਦੇ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ।
ਡਾ. ਚੱਬੇਵਾਲ ਨੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਗੱਲਬਾਤ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਇਨ੍ਹਾਂ ਲੋਕ ਪੱਖੀ ਸਕੀਮਾਂ ਦੀ ਹਰ ਲਾਭਪਾਤਰੀ ਨੂੰ ਸਹੂਲਤ ਮਿਲਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਜਲਦ ਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟਰੇਸ਼ਨ ਸ਼ੁਰੂ ਹੋਵੇਗੀ ਤਾਂ ਜੋ ਮਾਵਾਂ-ਧੀਆਂ ਨੂੰ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਸਵਾਨਿਧੀ ਯੋਜਨਾ ਤਹਿਤ ਬੇਘਰੇ ਲੋਕਾਂ ਨੂੰ ਘਰ ਬਣਾਉਣ ਲਈ ਸਮੇਂ-ਸਮੇਂ ’ਤੇ ਢੁੱਕਵੇਂ ਫੰਡ ਜਾਰੀ ਕਰਨ ਅਤੇ ਸੰਸਦ ਆਦਰਸ਼ ਗਰਾਮ ਯੋਜਨਾ ਤਹਿਤ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਕਾਰਜਾਂ ਦੀ ਲਗਾਤਾਰ ਨਜ਼ਰਸਾਨੀ ਕਰਦਿਆਂ ਕੁਆਲਟੀ, ਪਾਰਦਰਸ਼ਤਾ ਅਤੇ ਤੈਅ ਸਮੇਂ ਦਾ ਪੂਰਾ ਧਿਆਨ ਰੱਖਿਆ ਜਾਵੇ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਧਿਕਾਰੀਆਂ ਤੋਂ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਨਾਲ ਸਬੰਧਤ ਕੰਮਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲੈਂਦਿਆਂ ਕਿਹਾ ਕਿ ਲੋਕ ਹਿੱਤ ਵਾਲੇ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਹੂਲਤਾਂ ਮਿਲ ਸਕਣ। ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਟਾਂਡਾ ਹਲਕੇ ਦੇ ਵਿਕਾਸ ਕਾਰਜਾਂ ਦੀ ਜਾਣਕਾਰੀ ਲੈਂਦਿਆਂ ਕਿਹਾ ਕਿ ਇਨ੍ਹਾਂ ਕੰਮਾਂ ਨੂੰ ਨਿਰਧਾਰਤ ਸਮੇਂ ਵਿਚ ਪੂਰਾ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਲਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
Comments
Post a Comment