ਹੁਸ਼ਿਆਰਪੁਰ/ਦਲਜੀਤ ਅਜਨੋਹਾ
ਸਿਵਲ ਸਰਜਨ ਡਾ. ਮਨਦੀਪ ਕਮਲ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਨਾਲ ਮਹੀਨੇਵਾਰ ਮੀਟਿੰਗ ਕੀਤੀ ਗਈ, ਜਿਸ ਵਿੱਚ ਕਈ ਅਹਿਮ ਸਿਹਤ ਸੇਵਾਵਾਂ ਤੇ ਸਿਹਤ ਪ੍ਰੋਗਰਾਮਾਂ ਦੇ ਨਾਲ ਨਾਲ ਮਾਤਾ ਅਤੇ ਬੱਚਾ ਸਿਹਤ ਨਾਲ ਸੰਬੰਧਿਤ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਗਰਭਵਤੀ ਮਹਿਲਾਵਾਂ ਦੀ ਸੰਭਾਲ, ਸੁਰੱਖਿਅਤ ਡਿਲਿਵਰੀ, ਟੀਕਾਕਰਨ ਅਤੇ ਬੱਚਿਆਂ ਦੀ ਪੋਸ਼ਣ ਸਥਿਤੀ, ਮੁਖਮੰਤਰੀ ਸਿਹਤ ਯੋਜਨਾ, ਏਡਜ਼ ਕੰਟਰੋਲ ਪ੍ਰੋਗਰਾਮ,ਟੀਬੀ ਪ੍ਰੋਗਰਾਮ ਦੀ 100 ਦਿਨਾਂ ਮੁਹਿੰਮ,ਅਗਾਮੀ ਡੇਂਗੂ ਸੀਜ਼ਨ ਤੇ ਹੋਰ ਪ੍ਰੋਗਰਾਮ ਡਿਸਕਸ ਕੀਤੇ ਗਏ। ਇਸ ਮੌਕੇ ਸਾਰੇ ਅਧਿਕਾਰੀਆਂ ਅਤੇ ਸਟਾਫ਼ ਨੂੰ ਨਿਰਧਾਰਤ ਟੀਚੇ ਸਮੇਂ ਸਿਰ ਅਤੇ ਪੂਰੀ ਜ਼ਿੰਮੇਵਾਰੀ ਨਾਲ ਪੂਰੇ ਕਰਨ ਲਈ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆ, ਨਾਲ ਹੀ ਸਿਹਤ ਸੇਵਾਵਾਂ ਦੀ ਗੁਣਵੱਤਾ ਅਤੇ ਪਹੁੰਚ ਨੂੰ ਹਰ ਪੱਧਰ ’ਤੇ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ।ਇਸ ਮੌਕੇ ਸਿਵਲ ਸਰਜਨ ਵੱਲੋਂ ਪਿਛਲੇ ਸਮੇਂ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਹੇਠ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ ਗਿਆ ਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕੰਮਾਂ ਦੀ ਰੂਪਰੇਖਾ ਉਲੀਕੀ ਗਈ। ਮੀਟਿੰਗ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਅਤੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ, ਟੀਬੀ ਮੁਕਤ ਭਾਰਤ ਅਭਿਆਨ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕਿਸੇ ਵੀ ਤਰਾਂ ਦੀ ਸਥਿਤੀ ਨਾਲ ਨਿਪਟਣ ਲਈ ਸਿਹਤ ਵਿਭਾਗ ਦੇ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀਆਂ ਟੀਮਾਂ ਤਿਆਰ ਰਹਿਣ। ਇਸ ਦੇ ਨਾਲ ਹੀ ਸਿਵਲ ਸਰਜਨ ਨੇ ਸਾਰੀਆਂ ਸਿਹਤ ਸੰਸਥਾਵਾਂ ਦਾ ਰਿਕਾਰਡ ਕੀਪਿੰਗ ਠੀਕ ਕਰਨ ਅਤੇ ਇੰਪਰੂਵਮੈਂਟ ਕਰਨ ਲਈ ਵੀ ਕਿਹਾ ਗਿਆ। ਇਸ ਮੌਕੇ ਉਹਨਾਂ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਜੋ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉਹਨਾਂ ਦਾ ਲਾਭ ਹਰ ਵਰਗ ਨੂੰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਤੇ ਵੀ.ਐਲ.ਏ ਦੇ ਸਹਿਯੋਗ ਨਾਲ ਜ਼ਿਆਦਾ ਤੋਂ ਜ਼ਿਆਦਾ ਮੁੱਖਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾਣ।ਉਨ੍ਹਾਂ ਕਿਹਾ ਕਿ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਾਰੇ ਹੀ ਐਸ.ਐਮ.ਓਜ਼ ਨੂੰ ਕਿਹਾ ਕਿ ਉਹ ਨੈਸ਼ਨਲ ਪ੍ਰੋਗਰਾਮਾਂ ਦੀ ਸਮੇਂ ਸਮੇਂ ਤੇ ਆਪਣੇ ਪੱਧਰ 'ਤੇ ਜਰੂਰ ਸਮੀਖਿਆ ਕਰਨ। ਉਨ੍ਹਾਂ ਇਸ ਤੋਂ ਇਲਾਵਾ ਸਟੇਟ ਹੈਡਕੁਆਰਟਰ ਤੋਂ ਮਿਲੀਆਂ ਹਦਾਇਤਾਂ ਤੋਂ ਵੀ ਸਾਰਿਆਂ ਨੂੰ ਜਾਣੂ ਕਰਵਾਇਆ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਟੀ.ਪੀ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਸੀਮਾ ਗਰਗ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਣਜੀਤ ਸਿੰਘ,ਜ਼ਿਲਾ ਟੀਬੀ ਅਫਸਰ ਡਾਕਟਰ ਸ਼ਕਤੀ ਸ਼ਰਮਾ,ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ,ਜ਼ਿਲਾ ਪ੍ਰੋਗਰਾਮ ਅਫਸਰ ਮੁਹੰਮਦ ਆਸਿਫ਼,ਦਿਸ਼ਾ ਪ੍ਰੋਗਰਾਮ ਤੋ ਮੈਡਮ ਲਕਸ਼ਮੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ, ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਜੱਸਲ ਤੋਂ ਇਲਾਵਾ ਵੱਖ-ਵੱਖ ਬਲਾਕਾਂ ਤੋਂ ਆਏ ਸੀਨੀਅਰ ਮੈਡੀਕਲ ਅਫ਼ਸਰ ਹਾਜ਼ਰ ਸਨ।
Comments
Post a Comment