ਹਿਮਾਚਲ ਪ੍ਰਦੇਸ਼ ‘ਚ ਟੁੱਟੀ ਬੰਨ੍ਹ ਸੁਰੱਖਿਆ ਦੀਵਾਰ ਦੀ ਤੁਰੰਤ ਮੁਰੰਮਤ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਕਾਂਗੜਾ ਪ੍ਰਸ਼ਾਸਨ ਨੂੰ ਪੱਤਰ• ਹੁਸ਼ਿਆਰਪੁਰ ਦੇ ਸਰਹੱਦੀ ਪਿੰਡਾਂ ਨੂੰ ਹੜ੍ਹ ਤੋਂ ਬਚਾਉਣ ਲਈ ਸਮੇਂ ਸਿਰ ਕਾਰਵਾਈ ਕਰਨ ਦੀ ਅਪੀਲ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
 ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਹੱਦੀ ਪਿੰਡਾਂ ਨੂੰ ਹੜ੍ਹ ਦੇ ਖਤਰੇ ਤੋਂ ਬਚਾਉਣ ਲਈ ਹਿਮਾਚਲ ਪ੍ਰਦੇਸ਼ ਦੀ ਸੀਮਾ ਵਿੱਚ ਸਥਿਤ ਨੁਕਸਾਨਗ੍ਰਸਤ ਤਟਬੰਧ (ਐਂਬੈਂਕਮੈਂਟ) ਦੀ ਤੁਰੰਤ ਮੁਰੰਮਤ ਕਰਨ ਦੀ ਅਪੀਲ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਗਜ਼ਿਕਿਊਟਿਵ ਇੰਜੀਨੀਅਰ, ਹੁਸ਼ਿਆਰਪੁਰ ਡਰੇਨੇਜ ਡਿਵੀਜ਼ਨ ਵੱਲੋਂ ਦਿੱਤੀ ਗਈ ਰਿਪੋਰਟ ਅਨੁਸਾਰ ਤਹਿਸੀਲ ਮੁਕੇਰੀਆਂ ਦੇ ਪਿੰਡ ਮੋਤਲਾ ਦੇ ਸਾਹਮਣੇ ਇੱਕ ਤਟਬੰਧ ਬਣਾਇਆ ਗਿਆ ਹੈ, ਜਿਸਦਾ ਉਦੇਸ਼ ਪਿੰਡ ਮੋਤਲਾ ਅਤੇ ਨੇੜਲੇ ਇਲਾਕਿਆਂ ਨੂੰ ਹੜ੍ਹ ਤੋਂ ਬਚਾਉਣਾ ਹੈ। ਇਹ ਤਟਬੰਧ ਜਿਸ ਉੱਪਰੀ ਇਲਾਕੇ ਵਿੱਚ ਸਥਿਤ ਹੈ, ਉਹ ਹਿਮਾਚਲ ਪ੍ਰਦੇਸ਼ ਦੇ ਅਧੀਨ ਆਉਂਦਾ ਹੈ।
ਉਨ੍ਹਾਂ ਦੱਸਿਆ ਕਿ ਸਾਲ 2023 ਵਿੱਚ ਹੜ੍ਹਾਂ ਦੌਰਾਨ ਹਿਮਾਚਲ ਪ੍ਰਦੇਸ਼ ਖੇਤਰ ਵਿੱਚ ਸਥਿਤ ਇਸ ਤਟਬੰਧ ਵਿੱਚ ਕੱਟ ਆ ਗਿਆ ਸੀ, ਪਰ ਉਸ ਤੋਂ ਬਾਅਦ ਅਜੇ ਤੱਕ ਇਸ ਦੀ ਮੁਰੰਮਤ ਨਹੀਂ ਕੀਤੀ ਗਈ। ਸਾਲ 2025 ਦੇ ਹੜ੍ਹਾਂ ਦੌਰਾਨ ਇਸੇ ਟੁੱਟੇ ਹਿੱਸੇ ਤੋਂ ਲਗਾਤਾਰ ਪਾਣੀ ਵਗਣ ਕਰਕੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਹੇਠਲੇ ਹਿੱਸੇ ਦੇ ਕਈ ਪਿੰਡਾਂ ਸਨਿਆਲ, ਸੱਲੋਵਾਲ, ਹਲੇੜ ਜਨਾਰਦਨ ਅਤੇ ਮੋਤਲਾ ਨੂੰ ਭਾਰੀ ਨੁਕਸਾਨ ਝੱਲਣਾ ਪਿਆ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਕਿਉਂਕਿ ਇਹ ਤਟਬੰਧ ਜ਼ਿਲ੍ਹਾ ਕਾਂਗੜਾ ਦੇ ਅਧੀਨ ਆਉਂਦਾ ਹੈ, ਇਸ ਲਈ ਇਸ ਦੀ ਮੁਰੰਮਤ ਕਰਵਾਉਣਾ ਜ਼ਿਲ੍ਹਾ ਕਾਂਗੜਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਾਂਗੜਾ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਹੈ ਕਿ ਸਬੰਧਿਤ ਵਿਭਾਗ ਨੂੰ ਤੁਰੰਤ ਜ਼ਰੂਰੀ ਹੁਕਮ ਜਾਰੀ ਕਰਕੇ ਤਟਬੰਧ ਦੀ ਮੁਰੰਮਤ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਵਾਇਆ ਜਾਵੇ, ਤਾਂ ਜੋ ਆਉਣ ਵਾਲੇ ਮਾਨਸੂਨ ਮੌਸਮ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡਾਂ ਨੂੰ ਸੰਭਾਵਿਤ ਹੜ੍ਹਾਂ ਅਤੇ ਨੁਕਸਾਨ ਤੋਂ ਬਚਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਹੜ੍ਹ ਪ੍ਰਬੰਧਨ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਅੰਤਰਰਾਜੀ ਸਮਨਵੇ ਰਾਹੀਂ ਸੰਭਾਵਿਤ ਖਤਰੇ ਵਾਲੇ ਖੇਤਰਾਂ ਵਿੱਚ ਸਮੇਂ ਸਿਰ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

Comments