ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਪੱਖ ਅਤੇ ਸੁਚੱਜੇ ਢੰਗ ਨਾਲ ਗਿਣਤੀ ਲਈ ਪੁਖ਼ਤਾ ਇੰਤਜ਼ਾਮ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਜ਼ਿਲੇ ਦੀਆਂ 6 ਨਗਰ ਕੌਂਸਲਾਂ ਲਈ ਵੋਟਾਂ ਦੀ ਗਿਣਤੀ 29 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ 8 ਵਜੇ ਬਣਾਏ ਗਿਣਤੀ ਕੇਂਦਰਾਂ ਵਿਚ ਹੋਵੇਗੀ।ਜ਼ਿਲਾ ਮੈਜਿਸਟ੍ਰੇਟ ਨੇ ਇਸ ਸੰਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ ਨਗਰ ਕੌਂਸਲ ਗੜ੍ਹਸ਼ੰਕਰ ਦੀ ਗਿਣਤੀ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ, ਗੜ੍ਹਸ਼ੰਕਰ ਵਿਖੇ ਹੋਵੇਗੀ। ਇਸੇ ਤਰ੍ਹਾਂ ਨਗਰ ਕੌਂਸਲ ਹਰਿਆਣਾ ਦੀ ਗਿਣਤੀ ਜੀ.ਜੀ.ਡੀ.ਐਸ.ਡੀ. ਕਾਲਜ, ਹਰਿਆਣਾ, ਨਗਰ ਕੌਂਸਲ ਟਾਂਡਾ ਦੀ ਗਿਣਤੀ ਸਕੂਲ ਆਫ਼ ਐਮੀਨੈਂਸ, ਟਾਂਡਾ, ਨਗਰ ਕੌਂਸਲ ਗੜ੍ਹਦੀਵਾਲਾ ਦੀ ਗਿਣਤੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ, ਨਗਰ ਕੌਂਸਲ ਦਸੂਹਾ ਦੀ ਸਕੂਲ ਆਫ਼ ਐਮੀਨੈਂਸ ਦਸੂਹਾ ਅਤੇ ਨਗਰ ਕੌਂਸਲ ਮੁਕੇਰੀਆਂ ਦੀਆਂ ਵੋਟਾਂ ਦੀ ਗਿਣਤੀ ਐਸ.ਪੀ.ਐਨ ਕਾਲਜ, ਮੁਕੇਰੀਆਂ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਗਿਣਤੀ ਕੇਂਦਰਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ 29 ਮਈ ਨੂੰ ਮੁਕੰਮਲ ਛੁੱਟੀ ਰਹੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਭਾਰਤੀਆ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਉਪਰੋਕਤ ਦਰਸਾਏ ਗਏ ਸਮੂਹ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਕਿਸੇ ਵੀ ਕਿਸਮ ਦਾ ਹਥਿਆਰ, ਲਾਠੀ ਜਾਂ ਘਾਤਕ ਵਸਤੂਆਂ ਲੈ ਕੇ ਚੱਲਣ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਹਨ।ਜ਼ਿਕਰਯੋਗ ਹੈ ਕਿ ਵੋਟਾਂ ਦੀ ਗਿਣਤੀ ਦੌਰਾਨ ਉਮੀਦਵਾਰਾਂ ਦੇ ਸਮਰਥਕ ਅਤੇ ਹੋਰ ਲੋਕ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਭਾਰੀ ਗਿਣਤੀ ਵਿੱਚ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਕੋਈ ਅਣਸੁਖਾਵੀਂ ਘਟਨਾ ਵਾਪਰਨ ਦਾ ਖਦਸ਼ਾ ਬਣ ਜਾਂਦਾ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ ਪ੍ਰਭਾਵਤ ਹੋ ਸਕਦੀ ਹੈ। ਜਾਰੀ ਹੁਕਮਾਂ ਅਨੁਸਾਰ ਅਜਿਹੀ ਸਥਿਤੀ ਵਿਚ ਗਿਣਤੀ ਦੀ ਗੁਪਤਤਾ ਭੰਗ ਹੋਣ ਦਾ ਡਰ ਰਹਿੰਦਾ ਹੈ। ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਗਿਣਤੀ ਦੀ ਪ੍ਰਕਿਰਿਆ ਨੂੰ ਸ਼ਾਂਤਮਈ, ਨਿਰੱਪੱਖ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

Comments