ਡਾ. ਬਿਕਰਮਜੀਤ ਸਿੰਘ ਨੇ ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਵਜੋਂ ਕਾਰਜਭਾਰ ਸੰਭਾਲਿਆ



ਫ਼ਤਹਿਗੜ੍ਹ ਸਾਹਿਬ/ਦਲਜੀਤ ਅਜਨੋਹਾ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ੍ਰ. ਹਰਜਿੰਦਰ ਸਿੰਘ ਧਾਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਵਜੋਂ ਡਾ. ਬਿਕਰਮਜੀਤ ਸਿੰਘ ਨੇ ਕਾਰਜਭਾਰ ਸੰਭਾਲ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਵਿੱਦਿਆ ਇੰਜੀਨੀਅਰ ਸ੍ਰ. ਸੁਖਮਿੰਦਰ ਸਿੰਘ, ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਅਤੇ ਕਾਲਜ ਦੇ ਹੋਰ ਸਟਾਫ਼ ਮੈਂਬਰਾਂ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਕਾਰਜਕਾਰੀ ਪ੍ਰਿੰਸੀਪਲ ਦਾ ਕਾਰਜਭਾਰ ਸੌਂਪਿਆ ਗਿਆ।
ਇੰਜੀ. ਸੁਖਮਿੰਦਰ ਸਿੰਘ ਨੇ ਡਾ. ਬਿਕਰਮਜੀਤ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਅਹੁਦੇ ਲਈ ਚੋਣ ਉਨ੍ਹਾਂ ਦੀਆਂ ਉੱਤਮ ਸੇਵਾਵਾਂ, ਲੰਮੇ ਤਜਰਬੇ ਅਤੇ ਸੀਨੀਅਰਤਾ ਦੇ ਆਧਾਰ 'ਤੇ ਕੀਤੀ ਗਈ ਹੈ। ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵੀ ਆਪਣੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਡਾ. ਬਿਕਰਮਜੀਤ ਸਿੰਘ ਪਿਛਲੇ ਲਗਭਗ 33 ਸਾਲਾਂ ਤੋਂ ਆਪਣੀ ਅਣਥੱਕ ਮਿਹਨਤ, ਉੱਚ ਕਾਬਲੀਅਤ ਅਤੇ ਯੋਗ ਅਗਵਾਈ ਨਾਲ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਆ ਰਹੇ ਹਨ ਅਤੇ ਉਮੀਦ ਹੈ ਕਿ ਉਹ ਕਾਲਜ ਨੂੰ ਹੋਰ ਉੱਚਾਈਆਂ ਤੱਕ ਪਹੁੰਚਾਉਣਗੇ।
ਵਰਣਨਯੋਗ ਹੈ ਕਿ ਡਾ. ਬਿਕਰਮਜੀਤ ਸਿੰਘ ਨੇ ਅਗਸਤ 1993 ਵਿੱਚ ਕਾਲਜ ਦੇ ਕਮਰਸ ਵਿਭਾਗ ਵਿੱਚ ਅਧਿਆਪਕ ਵਜੋਂ ਆਪਣੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਸੀ। ਆਪਣੇ ਲੰਮੇ ਅਤੇ ਸਮਰਪਿਤ ਸੇਵਾਕਾਲ ਦੌਰਾਨ ਉਨ੍ਹਾਂ ਨੇ ਕਾਲਜ ਵਿੱਚ ਕਮਰਸ ਵਿਭਾਗ ਦੇ ਮੁਖੀ, ਡੀਨ ਅਕਾਦਮਿਕ, ਡੀਨ ਸਪੋਰਟਸ, ਕੰਟਰੋਲਰ ਪ੍ਰੀਖਿਆਵਾਂ, ਐਡਮਿਸ਼ਨ ਕੋਆਰਡੀਨੇਟਰ, ਪਬਲਿਕ ਰਿਲੇਸ਼ਨਜ਼ ਅਫ਼ਸਰ ਅਤੇ ਐਨ.ਸੀ.ਸੀ. ਅਫ਼ਸਰ ਵਰਗੇ ਅਨੇਕਾਂ ਮਹੱਤਵਪੂਰਨ ਅਹੁਦਿਆਂ ‘ਤੇ ਰਹਿ ਕੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਹਨ। ਪਿਛਲੇ ਕਈ ਸਾਲਾਂ ਤੋਂ ਉਹ ਕਾਲਜ ਦੇ ਵਾਈਸ ਪ੍ਰਿੰਸੀਪਲ ਵਜੋਂ ਵੀ ਆਪਣੀ ਜ਼ਿੰਮੇਵਾਰੀ ਬਖੂਬੀ ਨਿਭਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸਰਗਰਮ ਆਗੂ ਵਜੋਂ ਵੀ ਅਧਿਆਪਕਾਂ ਦੇ ਮਸਲਿਆਂ ਦੇ ਹੱਲ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਹ ਇਕ ਅੰਤਰਰਾਸ਼ਟਰੀ ਰੇਟਿਡ ਚੈੱਸ ਖਿਡਾਰੀ ਵੀ ਹਨ ਅਤੇ ਪੰਜਾਬ ਸਟੇਟ ਚੈੱਸ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਕੱਤਰ ਵਜੋਂ ਵੀ ਮਹੱਤਵਪੂਰਨ ਭੂਮਿਕਾਵਾਂ ਨਿਭਾ ਚੁੱਕੇ ਹਨ।
ਇਸ ਮੌਕੇ ਡਾ. ਬਿਕਰਮਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ੍ਰ. ਹਰਜਿੰਦਰ ਸਿੰਘ ਧਾਮੀ ਜੀ, ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਜੀ ਅਤੇ ਕਾਲਜ ਦੀ ਗਵਰਨਿੰਗ ਬਾਡੀ ਵੱਲੋਂ ਉਨ੍ਹਾਂ ‘ਤੇ ਪ੍ਰਗਟਾਏ ਗਏ ਵਿਸ਼ਵਾਸ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗੇ ਸਮਝਦੇ ਹਨ ਕਿ ਉਨ੍ਹਾਂ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦਾਂ ਦੀ ਪਵਿੱਤਰ ਧਰਤੀ ‘ਤੇ ਸਥਿਤ ਸਿਰਮੌਰ ਸਿੱਖਿਆ ਸੰਸਥਾ ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਵਜੋਂ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਕਾਲਜ ਦੀ ਪ੍ਰਬੰਧਕੀ ਕਮੇਟੀ , ਸਮੂਹ ਸਟਾਫ਼, ਸਾਬਕਾ ਅਤੇ ਮੌਜੂਦਾ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਾਲਜ ਨੂੰ ਨਵੀਆਂ ਬੁਲੰਦੀਆਂ ਤੱਕ ਲੈ ਕੇ ਜਾਣ ਵਿੱਚ ਜ਼ਰੂਰ ਕਾਮਯਾਬ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ੁਭ ਚਿੰਤਕਾਂ ਅਤੇ ਹੋਰ ਪਤਵੰਤੇ ਸੱਜਣਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਭੇਜੇ ਗਏ ਵਧਾਈ ਸੰਦੇਸ਼ਾਂ ਅਤੇ ਸ਼ੁੱਭ ਇੱਛਾਵਾਂ ਲਈ ਧੰਨਵਾਦ ਕੀਤਾ।

Comments