ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਨਿਰਾਸ਼, ਸੂਬਾ ਪੁਲਿਸ ਸਟੇਟ ਬਣਦਾ ਜਾ ਰਿਹਾ ਹੈ : ਐਡਵੋਕੇਟ ਪਲਵਿੰਦਰ ਸਿੰਘ ਘੁੰਮਣ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਘੁੰਮਣ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ ਅਤੇ ਸੂਬਾ ਹੌਲੀ-ਹੌਲੀ ਇੱਕ "ਪੁਲਿਸ ਸਟੇਟ" ਦਾ ਰੂਪ ਧਾਰਦਾ ਜਾ ਰਿਹਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਘੁੰਮਣ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਅਤੇ ਵਿਵਸਥਾ ਅੱਜ ਸਭ ਤੋਂ ਵੱਡਾ ਮੁੱਦਾ ਬਣ ਚੁੱਕਾ ਹੈ। ਗੈਂਗਸਟਰਵਾਦ, ਨਸ਼ਿਆਂ ਦਾ ਕਾਰੋਬਾਰ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਇੱਕ ਗੰਭੀਰ ਸਮੱਸਿਆ ਬਣੀ ਹੋਈ ਹੈ। ਸਰਕਾਰ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਵਿੱਚ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ।
ਐਡਵੋਕੇਟ ਘੁੰਮਣ ਨੇ ਕਿਹਾ ਕਿ ਮੌਜੂਦਾ ਸਰਕਾਰ ਲੋਕ ਭਲਾਈ ਦੇ ਕੰਮਾਂ ਦੀ ਬਜਾਏ ਇਸ਼ਤਿਹਾਰਬਾਜ਼ੀ 'ਤੇ ਵੱਧ ਧਿਆਨ ਦੇ ਰਹੀ ਹੈ। ਸਰਕਾਰੀ ਖਜ਼ਾਨੇ ਦਾ ਵੱਡਾ ਹਿੱਸਾ ਆਪਣੇ ਪ੍ਰਚਾਰ ਲਈ ਖਰਚ ਕੀਤਾ ਜਾ ਰਿਹਾ ਹੈ, ਜਦਕਿ ਆਮ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਸਰਕਾਰੀ ਕਰਮਚਾਰੀ ਪਿਛਲੇ ਤਿੰਨ ਸਾਲਾਂ ਤੋਂ ਆਪਣੇ ਬਣਦੇ ਮਹਿੰਗਾਈ ਭੱਤੇ (ਡੀ.ਏ.) ਦੀ ਉਡੀਕ ਕਰ ਰਹੇ ਹਨ। ਸਰਕਾਰ ਆਪਣੇ ਹੀ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਸਾਬਤ ਹੋਈ ਹੈ।
ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ 'ਤੇ ਕਰਜ਼ੇ ਦਾ ਬੋਝ ਲਗਭਗ 5 ਲੱਖ ਕਰੋੜ ਰੁਪਏ ਦੇ ਨੇੜੇ ਪਹੁੰਚ ਚੁੱਕਾ ਹੈ, ਜੋ ਕਿ ਸੂਬੇ ਦੇ ਭਵਿੱਖ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਅਨੁਸ਼ਾਸਨ ਅਤੇ ਪਾਰਦਰਸ਼ਤਾ ਦੇ ਦਾਅਵੇ ਕਰਨ ਵਾਲੀ ਸਰਕਾਰ ਕਰਜ਼ਾ ਲੈਣ ਦੇ ਮਾਮਲੇ ਵਿੱਚ ਲਗਾਤਾਰ ਅੱਗੇ ਵੱਧ ਰਹੀ ਹੈ।
ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ, ਉਦਯੋਗਿਕ ਵਿਕਾਸ ਦੀ ਮੰਦੀ, ਨੌਜਵਾਨਾਂ ਦਾ ਵਿਦੇਸ਼ਾਂ ਵੱਲ ਪਲਾਇਨ, ਨਸ਼ਿਆਂ ਦੀ ਸਮੱਸਿਆ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਦੀਆਂ ਕਮੀਆਂ ਵਰਗੇ ਮੁੱਦਿਆਂ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ।
ਐਡਵੋਕੇਟ ਪਲਵਿੰਦਰ ਸਿੰਘ ਘੁੰਮਣ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ਼ਤਿਹਾਰਬਾਜ਼ੀ ਦੀ ਰਾਜਨੀਤੀ ਛੱਡ ਕੇ ਲੋਕਾਂ ਦੀ ਭਲਾਈ, ਕਾਨੂੰਨ-ਵਿਵਸਥਾ ਦੀ ਮਜ਼ਬੂਤੀ, ਰੁਜ਼ਗਾਰ ਸਿਰਜਣਾ ਅਤੇ ਸੂਬੇ ਦੀ ਆਰਥਿਕ ਹਾਲਤ ਸੁਧਾਰਨ ਵੱਲ ਧਿਆਨ ਦੇਵੇ।
Comments
Post a Comment