ਸਰਹਾਲਾ ਕਲ੍ਹਾਂ ਵਿੱਚ ਨਸ਼ਾ ਤਸਕਰਾਂ ਦੀਆਂ ਕਥਿਤ ਨਾਜਾਇਜ਼ ਉਸਾਰੀਆਂ 'ਤੇ ਚੱਲਿਆ ਪੀਲਾ ਪੰਜਾ



ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਥਾਣਾ ਚੱਬੇਵਾਲ ਅਧੀਨ ਪੈਂਦੇ ਪਿੰਡ ਸਰਹਾਲਾ ਕਲ੍ਹਾਂ ਵਿੱਚ ਪੰਚਾਇਤੀ ਜ਼ਮੀਨ 'ਤੇ ਕਥਿਤ ਤੌਰ 'ਤੇ ਨਾਜਾਇਜ਼ ਬਣਾਏ ਮਕਾਨ ਨੂੰ ਪ੍ਰਸ਼ਾਸਨ ਨੇ ਢਾਹ ਦਿੱਤਾ।
ਕਾਰਵਾਈ ਦੀ ਅਗਵਾਈ ਕਰ ਰਹੇ ਐਸ.ਪੀ. ਮੇਜਰ ਸਿੰਘ (ਪੀ.ਬੀ.ਆਈ.) ਨੇ ਦੱਸਿਆ ਕਿ ਸਰਕਾਰ ਵੱਲੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਗੈਰ-ਕਾਨੂੰਨੀ ਤਰੀਕੇ ਨਾਲ ਕੀਤੀਆਂ ਉਸਾਰੀਆਂ ਨੂੰ ਹਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਹਾਲਾ ਕਲ੍ਹਾਂ ਦੇ ਵਸਨੀਕ ਸੰਦੀਪ ਕੌਰ ਅਤੇ ਉਸ ਦੇ ਪਤੀ ਬੁੱਧ ਰਾਮ ਵਿਰੁੱਧ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ ਅਤੇ ਉਨ੍ਹਾਂ ਵੱਲੋਂ ਪੰਚਾਇਤੀ ਜ਼ਮੀਨ 'ਤੇ ਕਥਿਤ ਤੌਰ 'ਤੇ ਨਾਜਾਇਜ਼ ਮਕਾਨ ਉਸਾਰਿਆ ਗਿਆ ਸੀ।
ਐਸ.ਪੀ. ਨੇ ਦੱਸਿਆ ਕਿ ਦੋਸ਼ੀਆਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ 14 ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ ਕੁਝ ਮਾਮਲਿਆਂ ਵਿੱਚ ਸਜ਼ਾ ਹੋ ਚੁੱਕੀ ਹੈ, ਜਦਕਿ ਬਾਕੀ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਹਨ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨ ਸਬੰਧੀ ਚੱਲ ਰਹੇ ਕੇਸ ਦਾ ਫੈਸਲਾ ਪੰਚਾਇਤ ਦੇ ਹੱਕ ਵਿੱਚ ਆਉਣ ਅਤੇ ਸਾਰੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੀ ਇਹ ਢਾਹੁਣ ਦੀ ਕਾਰਵਾਈ ਕੀਤੀ ਗਈ।
ਇਸ ਮੌਕੇ ਡੀ.ਐਸ.ਪੀ. ਭਾਰਤ ਭੂਸ਼ਣ, ਡੀ.ਐਸ.ਪੀ. ਸ਼ਾਮ ਸੁੰਦਰ, ਐਸ.ਐਚ.ਓ. ਹਰਜੀਤ ਸਿੰਘ (ਥਾਣਾ ਚੱਬੇਵਾਲ), ਐਸ.ਐਚ.ਓ. ਰਮਨਦੀਪ ਕੌਰ (ਮਾਹਿਲਪੁਰ), ਪੰਚਾਇਤ ਸਕੱਤਰ ਪ੍ਰਵੀਨ ਸੋਨੀ, ਸਰਪੰਚ ਮੋਹਣ ਸਿੰਘ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

Comments