ਸੈਂਟਰਲ ਜੇਲ੍ਹ ਹੁਸ਼ਿਆਰਪੁਰ ਦੀ ਵਾਇਰਲ ਵੀਡੀਓ ਮਾਮਲੇ ਵਿੱਚ ਵੱਡੀ ਕਾਰਵਾਈ: 12 ਗ੍ਰਿਫ਼ਤਾਰ, ਦੋ ਜੇਲ੍ਹ ਅਧਿਕਾਰੀ ਵੀ ਸ਼ਾਮਲ /ਐੱਸਐੱਸਪੀ ਸੰਦੀਪ ਕੁਮਾਰ ਮਲਿਕ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪੁਲਸ ਜ਼ਿਲਾ ਪ੍ਰਮੁੱਖ ਨੇ ਮੀਡੀਆ ਨਾਲ ਗੱਲਬਾਤ ਸੰਦੀਪ ਕੁਮਾਰ ਮਲਿਕ ਕਰਦਿਆਂ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਸੈਂਟਰਲ ਜੇਲ੍ਹ ਹੁਸ਼ਿਆਰਪੁਰ ਦੀ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਜੇਲ੍ਹ ਅਥਾਰਟੀ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਥਾਣਾ ਸਿਟੀ ਹੁਸ਼ਿਆਰਪੁਰ ਵਿੱਚ ਐੱਫ.ਆਈ.ਆਰ. ਨੰਬਰ 151 ਦਰਜ ਕੀਤੀ ਗਈ ਸੀ। ਇਸ ਮਾਮਲੇ ਦੌਰਾਨ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ।
ਐੱਸਐੱਸਪੀ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਐੱਸਪੀ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ। ਇਸ ਟੀਮ ਵਿੱਚ ਡੀਐੱਸਪੀ (ਡੀਟੈਕਟਿਵ), ਡੀਐੱਸਪੀ ਸਿਟੀ, ਐੱਸਐੱਚਓ ਸਿਟੀ ਹੁਸ਼ਿਆਰਪੁਰ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਟੀਮ ਵੱਲੋਂ ਕੀਤੀ ਗਈ ਵਿਸਥਾਰਪੂਰਵਕ ਜਾਂਚ ਦੌਰਾਨ ਹੁਣ ਤੱਕ ਕੁੱਲ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁੱਖ ਦੋਸ਼ੀਆਂ ਵਿੱਚ ਮਨਪ੍ਰੀਤ ਉਰਫ਼ "ਮੰਨਾ", ਜਿਸ 'ਤੇ ਵਾਇਰਲ ਵੀਡੀਓ ਫੈਲਾਉਣ ਦਾ ਦੋਸ਼ ਹੈ, ਤੋਂ ਇਲਾਵਾ ਕਈ ਹੋਰ ਦੋਸ਼ੀ ਅਤੇ ਬਾਹਰੀ ਸਹਿਯੋਗੀ ਵੀ ਸ਼ਾਮਲ ਹਨ।
ਐੱਸਐੱਸਪੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜਾਂਚ ਦੌਰਾਨ ਦੋ ਜੇਲ੍ਹ ਅਧਿਕਾਰੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਹਰਭਜਨ ਸਿੰਘ, ਐਡੀਸ਼ਨਲ ਸੁਪਰਡੈਂਟ, ਸੈਂਟਰਲ ਜੇਲ੍ਹ ਹੁਸ਼ਿਆਰਪੁਰ ਅਤੇ ਰਵਿੰਦਰ, ਵਾਰਡਨ, ਸੈਂਟਰਲ ਜੇਲ੍ਹ ਹੁਸ਼ਿਆਰਪੁਰ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ 10 ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 12 ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਲੋੜੀਂਦੇ ਪ੍ਰੋਡਕਸ਼ਨ ਵਾਰੰਟ ਹਾਸਲ ਕੀਤੇ ਜਾਣਗੇ ਅਤੇ ਜਾਂਚ ਨੂੰ ਇਸ ਦੇ ਤਰਕਸੰਗਤ ਅਤੇ ਕਾਨੂੰਨੀ ਅੰਤ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ ਦਾ ਰਾਜ ਕਾਇਮ ਰੱਖਣ ਅਤੇ ਜੇਲ੍ਹ ਪ੍ਰਣਾਲੀ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਹਰ ਪੱਖ ਤੋਂ ਜਾਰੀ ਹੈ।
Comments
Post a Comment