ਹੁਸ਼ਿਆਰਪੁਰ/ਦਲਜੀਤ ਅਜਨੋਹਾ।
ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਵਰਗੀਆਂ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਪੀਐੱਚਸੀ ਹਰਟਾ ਬਡਲਾ ਦੇ ਸੀਨੀਅਰ ਮੈਡੀਕਲ ਅਫ਼ਸਰ (ਐੱਸਐੱਮਓ) ਅਤੇ ਜਨਰਲ ਸਰਜਨ ਡਾ. ਮਨਪ੍ਰੀਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਦਲਜੀਤ ਅਜਨੋਹਾ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ।
ਡਾ. ਬੈਂਸ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਵਿੱਚ ਡੇਂਗੂ ਅਤੇ ਮਲੇਰੀਆ ਫੈਲਣ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ। ਇਸ ਲਈ ਸਰਕਾਰ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਜਾਂਚ ਕਰ ਰਹੀਆਂ ਹਨ ਕਿ ਕਿਤੇ ਪਾਣੀ ਇਕੱਠਾ ਤਾਂ ਨਹੀਂ ਹੋ ਰਿਹਾ। ਜਿੱਥੇ ਵੀ ਮੱਛਰਾਂ ਦੇ ਲਾਰਵੇ ਮਿਲਦੇ ਹਨ ਜਾਂ ਉਨ੍ਹਾਂ ਦੇ ਪੈਦਾ ਹੋਣ ਦੀ ਸੰਭਾਵਨਾ ਹੁੰਦੀ ਹੈ, ਉੱਥੇ ਤੁਰੰਤ ਲਾਰਵਾ ਨਸ਼ਟ ਕੀਤਾ ਜਾਂਦਾ ਹੈ ਅਤੇ ਲੋੜ ਅਨੁਸਾਰ ਦਵਾਈ ਦਾ ਛਿੜਕਾਅ ਵੀ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਪਾਣੀ ਦੀਆਂ ਟੈਂਕੀਆਂ ਵਿੱਚ ਪਾਉਣ ਲਈ ਵਿਭਾਗ ਵੱਲੋਂ ਵਿਸ਼ੇਸ਼ ਗੋਲੀਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਪਾਣੀ ਸੁਰੱਖਿਅਤ ਰਹੇ ਅਤੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ।
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਡਾ. ਬੈਂਸ ਨੇ ਦੱਸਿਆ ਕਿ ਉਨ੍ਹਾਂ ਦੇ ਬਲਾਕ ਵਿੱਚ ਹੁਣ ਤੱਕ 20 ਹਜ਼ਾਰ ਤੋਂ ਵੱਧ ਲਾਭਪਾਤਰੀਆਂ ਦੇ ਕਾਰਡ ਬਣਾਏ ਜਾ ਚੁੱਕੇ ਹਨ। ਹਸਪਤਾਲ ਵਿੱਚ ਯੋਜਨਾ ਅਧੀਨ ਸੂਚੀਬੱਧ (ਐਮਪੈਨਲਡ) ਹਸਪਤਾਲਾਂ ਦੀ ਸੂਚੀ ਵੀ ਲਗਾਈ ਗਈ ਹੈ, ਤਾਂ ਜੋ ਲੋਕਾਂ ਨੂੰ ਇਹ ਜਾਣਕਾਰੀ ਮਿਲ ਸਕੇ ਕਿ ਉਹ ਕਿਹੜੇ-ਕਿਹੜੇ ਹਸਪਤਾਲਾਂ ਵਿੱਚ ਇਸ ਕਾਰਡ ਰਾਹੀਂ ਇਲਾਜ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਪਿੰਡਾਂ ਅਤੇ ਮੁਹੱਲਿਆਂ ਵਿੱਚ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਜੇਕਰ ਕਿਸੇ ਯੋਗ ਪਰਿਵਾਰ ਦਾ ਅਜੇ ਤੱਕ ਕਾਰਡ ਨਹੀਂ ਬਣਿਆ, ਤਾਂ ਉਹ ਪੀਐੱਚਸੀ ਹਰਟਾ ਬਡਲਾ ਨਾਲ ਸੰਪਰਕ ਕਰ ਸਕਦਾ ਹੈ। ਇਸ ਯੋਜਨਾ ਤਹਿਤ ਹਰ ਯੋਗ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਦੀ ਸਹੂਲਤ ਪ੍ਰਾਪਤ ਹੋ ਸਕਦੀ ਹੈ।
ਡਾ. ਮਨਪ੍ਰੀਤ ਸਿੰਘ ਬੈਂਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ, ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡੇਂਗੂ-ਮਲੇਰੀਆ ਤੋਂ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਅ ਕਰਨ।
Comments
Post a Comment