ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ ‘ਤੇ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

 

ਹੁਸ਼ਿਆਰਪੁਰ/ਦਲਜੀਤ ਅਜਨੋਹਾ 
  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਮੈਂਬਰ ਸਕੱਤਰ ਦੇ ਨਿਰਦੇਸ਼ਾਂ ‘ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ 12 ਸਤੰਬਰ, 2026 ਨੂੰ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ‘ਤੇ ਸਾਲ 2026 ਦੀ ਤੀਜੀ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। 

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਜਿੰਦਰ ਅਗਰਵਾਲ ਨੇ ਇਸ ਸੰਬੰਧੀ ਜਾਣਕਾਰੀ ਦਿਂਦਿਆਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਸਿਵਲ ਕੇਸ, ਰੈਂਟ ਕੇਸ, ਐਮ.ਏ.ਸੀ.ਟੀ ਕੇਸ, ਅਪਰਾਧਿਕ ਕੰਪਾਊਂਡੇਬਲ ਕੇਸ, ਮਾਲੀਆ ਕੇਸ, 138 ਨੈਗੋਸ਼ੀਏਬਲ ਇੰਸਟ੍ਰੂਮੈਂਟ ਐਕਟ, ਪਰਿਵਾਰਕ ਮਾਮਲੇ, ਲੇਬਰ ਮਾਮਲੇ, ਬੈਂਕ ਕੇਸ (ਲੰਬਿਤ ਅਤੇ ਪ੍ਰੀ-ਲਿਟੀਗੇਟਿਵ) ਟੈਲੀਕਾਮ ਕੰਪਨੀਆਂ ਦੇ ਕੇਸ, ਪਾਣੀ ਦੇ ਬਿੱਲ (ਗੈਰ-ਕੰਪਾਊਂਡੇਬਲ ਨੂੰ ਛੱਡ ਕੇ), ਬਿਜਲੀ ਦੇ ਬਿੱਲ (ਗੈਰ-ਕੰਪਾਊਂਡੇਬਲ ਨੂੰ ਛੱਡ ਕੇ) ਆਦਿ ਦਾ ਨਿਪਟਾਰਾ ਕਰਾਉਣ ਸਬੰਧੀ ਕੇਸ ਰੱਖੇ ਜਾਣਗੇ ਅਤੇ ਇਸ ਲੋਕ ਅਦਾਲਤ ਵਿਚ ਕਚਹਿਰੀਆਂ ਵਿਚ ਪੈਡਿੰਗ ਅਤੇ ਪ੍ਰੀ-ਲਿਟੀਗੇਟਿਵ ਦੋਵੇਂ ਹੀ ਤਰ੍ਹਾਂ ਦੇ ਕੇਸ ਨਿਪਟਾਰੇ ਲਈ ਰੱਖੇ ਜਾਣਗੇ। 
      ਉਨ੍ਹਾਂ ਨੇ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਅਦਾਲਤਾਂ ਵਿਚ ਕੇਸ ਲਗਾਉਣ ਜਿਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ ਅਤੇ ਇਨ੍ਹਾਂ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।

Comments