ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ, AI ਤੇ ਉੱਦਮਤਾ ’ਤੇ ਜ਼ੋਰ: ਸੋਨਾਲੀ ਗਿਰੀਸਕੂਲਾਂ ਤੋਂ ਕਾਲਜਾਂ ਤੱਕ ਆਧੁਨਿਕ ਸਿੱਖਿਆ ਨੂੰ ਮਿਲੇਗਾ ਹੁਲਾਰਾ



ਚੰਡੀਗੜ੍ਹ/ਦਲਜੀਤ ਅਜਨੋਹਾ 
ਪੰਜਾਬ ਸਰਕਾਰ ਵੱਲੋਂ ਸਕੂਲੀ ਅਤੇ ਉੱਚ ਸਿੱਖਿਆ ਵਿੱਚ ਕਈ ਅਹਿਮ ਸੁਧਾਰ ਕੀਤੇ ਜਾ ਰਹੇ ਹਨ। ਸਿੱਖਿਆ ਸਕੱਤਰ ਪੰਜਾਬ ਸੋਨਾਲੀ ਗਿਰੀ ਆਈਏਐਸ ਨੇ ਸੀਨੀਅਰ ਪੱਤਰਕਾਰ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸਰਕਾਰ ਦੀਆਂ ਸਿੱਖਿਆ ਸੁਧਾਰ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਸੋਨਾਲੀ ਗਿਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਅਤੇ ਭਵਿੱਖਮੁਖੀ ਸਿੱਖਿਆ ਪ੍ਰਦਾਨ ਕਰਨਾ ਹੈ। ਸਕੂਲੀ ਸਿੱਖਿਆ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ (AI), ਉੱਦਮਤਾ ਅਤੇ ਆਧੁਨਿਕ ਤਕਨੀਕੀ ਹੁਨਰਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਨਾਲ ਵਿਦਿਆਰਥੀਆਂ ਵਿੱਚ ਰਚਨਾਤਮਕਤਾ, ਸਮੱਸਿਆ ਹੱਲ ਕਰਨ ਦੀ ਸਮਰੱਥਾ ਅਤੇ ਉੱਦਮੀ ਸੋਚ ਵਿਕਸਿਤ ਹੋਵੇਗੀ।

ਉਨ੍ਹਾਂ ਕਿਹਾ ਕਿ ਅਧਿਆਪਕ ਸਿੱਖਿਆ ਪ੍ਰਣਾਲੀ ਦਾ ਅਹਿਮ ਹਿੱਸਾ ਹਨ ਅਤੇ ਸਰਕਾਰ ਉਨ੍ਹਾਂ ਦੇ ਜਾਇਜ਼ ਮੁੱਦਿਆਂ ਦੇ ਹੱਲ ਲਈ ਵਚਨਬੱਧ ਹੈ। ਅਧਿਆਪਕਾਂ ਨੂੰ ਬਿਹਤਰ ਸਹਾਇਤਾ, ਸਿਖਲਾਈ ਅਤੇ ਸੁਖਾਵਾਂ ਕੰਮਕਾਜੀ ਮਾਹੌਲ ਦੇਣ ਲਈ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਡਿਜੀਟਲ ਸਿੱਖਿਆ, ਹੁਨਰ ਵਿਕਾਸ, ਕਰੀਅਰ ਜਾਗਰੂਕਤਾ, ਵਿਹਾਰਕ ਸਿੱਖਿਆ ਅਤੇ ਤਰਕਸ਼ੀਲ ਸੋਚ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

ਉੱਚ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਬੁਨਿਆਦੀ ਢਾਂਚੇ ਅਤੇ ਅਕਾਦਮਿਕ ਮਾਹੌਲ ਨੂੰ ਬਿਹਤਰ ਬਣਾਉਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਵਿੱਚ ਕੇਂਦਰੀਕ੍ਰਿਤ ਆਨਲਾਈਨ ਦਾਖਲਾ ਪ੍ਰਣਾਲੀ ਰਾਹੀਂ ਵਿਦਿਆਰਥੀਆਂ ਲਈ ਦਾਖਲਾ ਪ੍ਰਕਿਰਿਆ ਨੂੰ ਹੋਰ ਸੁਚਾਰੂ ਅਤੇ ਸੁਵਿਧਾਜਨਕ ਬਣਾਇਆ ਗਿਆ ਹੈ।

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਟਾਫ਼ ਨੂੰ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਮਰਜ ਕਰਨ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਬਾਰੇ ਸੋਨਾਲੀ ਗਿਰੀ ਆਈਏਐਸ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਮਲੇ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਢੁਕਵਾਂ ਫੈਸਲਾ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਸਿੱਖਿਆ ਦੀ ਗੁਣਵੱਤਾ ਨਾਲ ਸਿੱਧੇ ਤੌਰ ’ਤੇ ਜੁੜੀ ਹੈ। ਸਕੂਲਾਂ ਅਤੇ ਕਾਲਜਾਂ ਨੂੰ ਮਜ਼ਬੂਤ ਕਰਨਾ, ਅਧਿਆਪਕਾਂ ਦੇ ਮੁੱਦਿਆਂ ਦਾ ਹੱਲ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ।

Comments