ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ 16 ਸਤੰਬਰ ਨੂੰ ਧਰਨਾਸੰਜੀਵ ਤਲਵਾੜ ਨੇ ਹਲਕੇ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਕੀਤੀ ਅਪੀਲ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪੰਜਾਬ ਅੰਦਰ ਲੱਗ ਰਹੇ ਬੇਹੱਦ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਹਰ ਵਰਗ ਦੇ ਲੋਕ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਬਿਜਲੀ ਦੀ ਅਣਨਿਯਮਿਤ ਸਪਲਾਈ ਕਾਰਨ ਜਿੱਥੇ ਉਦਯੋਗ ਅਤੇ ਵਪਾਰ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ, ਉੱਥੇ ਕਿਸਾਨਾਂ, ਵਿਦਿਆਰਥੀਆਂ ਅਤੇ ਆਮ ਖਪਤਕਾਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਸਪਲਾਈ ਦੇ ਸੁਚੱਜੇ ਪ੍ਰਬੰਧਾਂ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਲੋਕਾਂ ਨੂੰ ਲੰਬੇ-ਲੰਬੇ ਅਣਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਘਰੇਲੂ ਜੀਵਨ ਤੋਂ ਲੈ ਕੇ ਕਾਰੋਬਾਰ ਅਤੇ ਖੇਤੀਬਾੜੀ ਤੱਕ ਹਰ ਖੇਤਰ ਪ੍ਰਭਾਵਿਤ ਹੋ ਰਿਹਾ ਹੈ।
ਸੰਜੀਵ ਤਲਵਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਭਰ ਵਿੱਚ ਬਿਜਲੀ ਦੇ ਅਣਐਲਾਨੇ ਕੱਟਾਂ ਅਤੇ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਧਰਨੇ ਦਿੱਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦਾ ਧਰਨਾ 16 ਸਤੰਬਰ ਨੂੰ ਸਵੇਰੇ 10:30 ਵਜੇ ਸਰਕਲ ਦਫ਼ਤਰ, ਪੰਜਾਬ ਰਾਜ ਬਿਜਲੀ ਬੋਰਡ, ਟਾਂਡਾ ਰੋਡ, ਹੁਸ਼ਿਆਰਪੁਰ ਵਿਖੇ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਬਿਜਲੀ ਲੋਕਾਂ ਦੀ ਬੁਨਿਆਦੀ ਲੋੜ ਹੈ ਅਤੇ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਹਰ ਵਰਗ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਅਣਐਲਾਨੇ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਨੂੰ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਕੀਮਤ ’ਤੇ ਅਣਦੇਖਾ ਨਹੀਂ ਕਰੇਗਾ।
ਸੰਜੀਵ ਤਲਵਾੜ ਨੇ ਹਲਕਾ ਹੁਸ਼ਿਆਰਪੁਰ ਦੇ ਸਮੂਹ ਅਕਾਲੀ ਵਰਕਰਾਂ, ਅਹੁਦੇਦਾਰਾਂ, ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 16 ਸਤੰਬਰ ਨੂੰ ਸਵੇਰੇ 10:30 ਵਜੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਧਰਨੇ ਨੂੰ ਸਫਲ ਬਣਾਉਣ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ। ਇਸ ਮੌਕੇ ਉਹਨਾਂ ਦੇ ਨਾਲ ਇਕਬਾਲ ਸਿੰਘ ਗੋਪੀ ਉਹ ਪ੍ਰਧਾਨ ਪੰਜਾਬ ਪਾਰਸਲ, ਭੁਪਿੰਦਰ ਸਿੰਘ ਜਿਲਾ ਪ੍ਰਧਾਨ ਬੀਸੀ ਸੈਲ, ਜਸਵਿੰਦਰ ਸਿੰਘ ਜ਼ਿਲਾ ਪ੍ਰਧਾਨ ਟਰਾਂਸਪੋਰਟ ਸੈਲ, ਸਰਦਾਰ ਜਗਤਾਰ ਸਿੰਘ ਸਰਕਲ ਪ੍ਰਧਾਨ ਜਹਾਨ ਖੇਲਾ, ਰਵਿੰਦਰ ਸਿੰਘ ਨਿੱਕਾ ਸਰਕਲ ਪ੍ਰਧਾਨ ਸਦਰ ਵੀ ਹਾਜ਼ਰ ਸਨ।
Comments
Post a Comment