ਐਸ.ਆਈ.ਆਰ-2026 ਦੀ ਪ੍ਰਗਤੀ ਦੀ ਸਮੀਖਿਆ ਲਈ 8 ਸਤੰਬਰ ਨੂੰ ਹੁਸ਼ਿਆਰਪੁਰ ਪਹੁੰਚਣਗੇ ਰੋਲ ਆਬਜ਼ਰਵਰਸੈਕਟਰ ਅਧਿਕਾਰੀਆਂ, ਸੰਸਦ ਮੈਂਬਰਾਂ/ਵਿਧਾਇਕਾਂ ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕਰਨਗੇ ਮੀਟਿੰਗ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
 ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਪ੍ਰਕਿਰਿਆ ਦੀ ਨਿਗਰਾਨੀ ਲਈ ਨਿਯੁਕਤ ਰੋਲ ਆਬਜ਼ਰਵਰ ਆਈ.ਏ.ਐਸ ਅਧਿਕਾਰੀ ਦਲਜੀਤ ਸਿੰਘ ਮਾਂਗਟ 8 ਸਤੰਬਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘਾਈ ਸਮੀਖਿਆ ਸਬੰਧੀ ਚੱਲ ਰਹੀ ਪ੍ਰਕਿਰਿਆ ਅਤੇ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਵਿਸਥਾਰ ਨਾਲ ਸਮੀਖਿਆ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਦੱਸਿਆ ਕਿ ਰੋਲ ਆਬਜ਼ਰਵਰ ਵੱਲੋਂ 8 ਸਤੰਬਰ ਨੂੰ ਜ਼ਿਲ੍ਹੇ ਦੇ ਸੈਕਟਰ ਅਧਿਕਾਰੀਆਂ, ਲੋਕ ਸਭਾ/ਵਿਧਾਨ ਸਭਾ ਮੈਂਬਰਾਂ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਐਸ.ਆਈ.ਆਰ-2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਗਤੀ, ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਵੋਟਰ ਸੂਚੀ ਨਾਲ ਸਬੰਧਤ ਵੱਖ-ਵੱਖ ਪ੍ਰਕਿਰਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਉਪਰੰਤ ਰੋਲ ਆਬਜ਼ਰਵਰ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੀ ਸਮੀਖਿਆ ਕੀਤੀ ਜਾਵੇਗੀ। ਇਸ ਦੇ ਨਾਲ ਹੀ ਫੀਲਡ ਪੱਧਰ 'ਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਦਸਤਾਵੇਜ਼ਾਂ ਦੀ ਜਾਂਚ ਅਤੇ ਵੋਟਰਾਂ ਦੀ ਤਸਦੀਕ ਸਮੇਤ ਹੋਰ ਸਬੰਧਤ ਕਾਰਵਾਈ ਦਾ ਵੀ ਜਾਇਜ਼ਾ ਲਿਆ ਜਾਵੇਗਾ।
ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਸ.ਆਈ.ਆਰ-2026 ਦੀ ਪ੍ਰਕਿਰਿਆ ਨੂੰ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੋਟਰ ਸੂਚੀ ਦੀ ਸੁਧਾਈ ਨਾਲ ਜੁੜੀ ਹਰੇਕ ਕਾਰਵਾਈ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਨਿਰਧਾਰਤ ਨਿਯਮਾਂ ਅਨੁਸਾਰ ਕੀਤੀ ਜਾਵੇ, ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ।

Comments