ਹੁਸ਼ਿਆਰਪੁਰ/ਦਲਜੀਤ ਅਜਨੋਹਾ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਦੇ ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 6 ਸਤੰਬਰ 2026, ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਯੋਗ ਨਾਗਰਿਕਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਯਕੀਨੀ ਬਣਾਉਣਾ ਅਤੇ ਵੋਟਰਾਂ ਨੂੰ ਵੱਖ-ਵੱਖ ਚੋਣ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ। ਯੋਗ ਨਾਗਰਿਕਾਂ ਤੋਂ ਲੋੜ ਅਨੁਸਾਰ ਫਾਰਮ ਨੰਬਰ 6, ਫਾਰਮ ਨੰਬਰ 6-ਏ ਅਤੇ ਫਾਰਮ ਨੰਬਰ 8 ਭਰਵਾਏ ਜਾਣਗੇ ਅਤੇ ਸਬੰਧਤ ਘੋਸ਼ਣਾ ਪੱਤਰਾਂ ਸਮੇਤ ਲੋੜੀਂਦੇ ਸਹਾਇਕ ਦਸਤਾਵੇਜ਼ ਵੀ ਪ੍ਰਾਪਤ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ’ਤੇ 18 ਤੋਂ 19 ਸਾਲ ਦੀ ਉਮਰ ਵਰਗ ਦੇ ਨੌਜਵਾਨਾਂ ਦੀ ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰਿਕ ਪ੍ਰਕਿਰਿਆ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ ਅਤੇ ਯੋਗ ਨੌਜਵਾਨਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਇਸ ਵਿਸ਼ੇਸ਼ ਕੈਂਪ ਦਾ ਲਾਭ ਉਠਾਉਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਦਿਵਿਆਂਗ (ਪੀ.ਪਬਲਯੂ.ਡੀ.) ਵੋਟਰਾਂ ਦੀ ਪਛਾਣ ਵੀ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਲੋੜੀਂਦੀ ਮਾਰਕਿੰਗ ਲਈ ਫਾਰਮ ਨੰਬਰ 8 ਭਰਵਾਏ ਜਾਣਗੇ, ਤਾਂ ਜੋ ਉਨ੍ਹਾਂ ਨੂੰ ਚੋਣ ਸਬੰਧੀ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਨੂੰ ਵੀ ਵਿਸ਼ੇਸ਼ ਕੈਂਪ ਸਬੰਧੀ ਪਹਿਲਾਂ ਹੀ ਸੂਚਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੀ.ਐਲ.ਏ. ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇ, ਤਾਂ ਜੋ ਵੋਟਰ ਸੂਚੀ ਦੀ ਸੋਧ ਦਾ ਕੰਮ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕੀਤਾ ਜਾ ਸਕੇ।
ਉਨ੍ਹਾਂ ਸਾਰੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਨੂੰ ਆਪਣੇ ਅਧੀਨ ਆਉਂਦੇ ਪੋਲਿੰਗ ਬੂਥਾਂ ’ਤੇ ਲਗਾਏ ਜਾਣ ਵਾਲੇ ਕੈਂਪਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੇ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਸਬੰਧਤ ਸਕੂਲਾਂ ਅਤੇ ਦਫ਼ਤਰਾਂ ਦੇ ਮੁਖੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਸਕੂਲਾਂ ਜਾਂ ਦਫ਼ਤਰਾਂ ਵਿੱਚ ਪੋਲਿੰਗ ਬੂਥ ਸਥਾਪਿਤ ਹਨ, ਉਹ 6 ਸਤੰਬਰ ਨੂੰ ਵਿਸ਼ੇਸ਼ ਕੈਂਪ ਦੌਰਾਨ ਖੁੱਲ੍ਹੇ ਰੱਖੇ ਜਾਣ ਅਤੇ ਬੀ.ਐਲ.ਓ. ਨੂੰ ਲੋੜੀਂਦਾ ਫਰਨੀਚਰ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 6 ਸਤੰਬਰ ਨੂੰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਪਹੁੰਚ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ, ਵੇਰਵਿਆਂ ਵਿੱਚ ਲੋੜੀਂਦੀ ਸੋਧ ਕਰਵਾਉਣ ਅਤੇ ਹੋਰ ਚੋਣ ਸਬੰਧੀ ਸੇਵਾਵਾਂ ਦਾ ਲਾਭ ਉਠਾਉਣ।
Comments
Post a Comment