ਰਾਯਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ 'ਆਪ' ਵੱਲੋਂ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ; ਮਨੀਸ਼ ਸਿਸੋਦੀਆ ਨੇ ਪੰਜਾਬ 'ਚ ਵਿਸ਼ਵ ਪੱਧਰੀ ਸਿੱਖਿਆ ਕ੍ਰਾਂਤੀ ਦਾ ਦਿੱਤਾ ਸੱਦਾ

*

ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਰਾਯਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਵਿਖੇ ਆਮ ਆਦਮੀ ਪਾਰਟੀ (ਆਪ) ਦੇ ਸਹਿਯੋਗ ਨਾਲ ਅਧਿਆਪਕ ਦਿਵਸ ਮੌਕੇ ਇੱਕ ਰਾਜ ਪੱਧਰੀ ਸਿੱਖਿਆ ਸੰਮੇਲਨ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ ਚਾਂਸਲਰ ਪ੍ਰੋ. (ਡਾ.) ਚੰਦਰ ਮੋਹਨ ਨੇ ਕੀਤੀ, ਜਦਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨਾਲ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਡਾ. ਇਸ਼ਾਂਕ ਕੁਮਾਰ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਸਕੂਲਾਂ ਅਤੇ ਯੂਨੀਵਰਸਿਟੀਆਂ ਦੇ ਵਿੱਦਿਅਕ ਢਾਂਚੇ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸਮਾਜਿਕ ਤਬਦੀਲੀ ਦੀ ਸ਼ੁਰੂਆਤ ਜਮਾਤਾਂ ਦੇ ਕਮਰਿਆਂ ਤੋਂ ਹੁੰਦੀ ਹੈ ਅਤੇ ਜਦੋਂ ਤੱਕ ਅਧਿਆਪਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਸਮਰੱਥ ਨਹੀਂ ਬਣਾਇਆ ਜਾਂਦਾ, ਓਦੋਂ ਤੱਕ ਸਿੱਖਿਆ ਕ੍ਰਾਂਤੀ ਸੰਭਵ ਨਹੀਂ ਹੈ, ਇਸ ਲਈ ਸਰਕਾਰ ਪੰਜਾਬ ਨੂੰ ਮੁੜ ਗਿਆਨ-ਵਿਗਿਆਨ ਦਾ ਮੋਹਰੀ ਕੇਂਦਰ ਬਣਾਉਣ ਲਈ ਵਚਨਬੱਧ ਹੈ।

ਇਸ ਮੌਕੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਅਧਿਆਪਕਾਂ ਨੂੰ ਰਾਸ਼ਟਰ ਨਿਰਮਾਤਾ ਦੱਸਦਿਆਂ ਕਿਹਾ ਕਿ ਰਾਯਤ ਬਾਹਰਾ ਅਦਾਰਾ ਵਿਦਿਆਰਥੀਆਂ ਨੂੰ ਰੁਜ਼ਗਾਰਮੁਖੀ ਅਤੇ ਮਿਆਰੀ ਸਿੱਖਿਆ ਦੇਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਵਾਲੇ ਹਰ ਉਸਾਰੂ ਕਦਮ ਦਾ ਪੂਰਨ ਸਮਰਥਨ ਕਰਦਾ ਰਹੇਗਾ। ਵਾਈਸ ਚਾਂਸਲਰ ਪ੍ਰੋ. (ਡਾ.) ਚੰਦਰ ਮੋਹਨ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਉੱਚ ਸਿੱਖਿਆ ਸੰਸਥਾਵਾਂ ਦੀ ਜ਼ਿੰਮੇਵਾਰੀ ਖੋਜ, ਨਵੀਨਤਾ ਅਤੇ ਆਲੋਚਨਾਤਮਕ ਸੋਚ ਨੂੰ ਪ੍ਰਫੁੱਲਤ ਕਰਨ ਦੀ ਹੈ ਤਾਂ ਜੋ ਵਿਦਿਆਰਥੀ ਕੌਮਾਂਤਰੀ ਪੱਧਰ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣ ਸਕਣ। ਸਮਾਗਮ ਦੀ ਸਮਾਪਤੀ ਮੌਕੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ ਚਾਂਸਲਰ ਡਾ. ਚੰਦਰ ਮੋਹਨ ਨੇ ਆਏ ਹੋਏ ਸਾਰੇ ਪਤਵੰਤਿਆਂ ਦਾ ਰਸਮੀ ਧੰਨਵਾਦ ਕੀਤਾ।

Comments