ਸਿਵਲ ਸਰਜਨ ਵੱਲੋਂ ਸਿਵਲ ਸਰਜਨ ਦਫ਼ਤਰ ਅਤੇ ਸਿਵਲ ਹਸਪਤਾਲ ਨਾਲ ਲੱਗਦੇ ਕੁਆਰਟਰਾਂ ਅਤੇ ਨਿਰਮਾਣ ਅਧੀਨ ਇਲਾਕੇ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਜਾਇਜ਼ਾ



ਹੁਸ਼ਿਆਰਪੁਰ/ਦਲਜੀਤ ਅਜਨੋਹਾ 

ਡੇਂਗੂ ਦੀ ਰੋਕਥਾਮ ਅਤੇ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਵਾਰ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵੱਲੋਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਜਗਦੀਪ ਸਿੰਘ ਦੇ ਸਹਿਯੋਗ ਨਾਲ ਸਿਵਲ ਸਰਜਨ ਦਫ਼ਤਰ ਅਤੇ ਸਿਵਲ ਹਸਪਤਾਲ ਨਾਲ ਲੱਗਦੇ ਕੁਆਰਟਰਾਂ ਅਤੇ ਨਿਰਮਾਣ ਅਧੀਨ ਇਲਾਕੇ ਦਾ ਦੌਰਾ ਕਰਕੇ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ, ਪੀ.ਏ. ਸਤਪਾਲ ਅਤੇ ਐਂਟੀ-ਲਾਰਵਾ ਸਟਾਫ਼ ਵੀ ਮੌਜੂਦ ਸੀ।

ਇਸ ਦੌਰਾਨ ਐਂਟੀ-ਡੇਂਗੂ ਟੀਮਾਂ ਵੱਲੋਂ ਸਿਵਲ ਹਸਪਤਾਲ ਨਾਲ ਲੱਗਦੇ ਕੁਆਰਟਰਾਂ ਦੇ ਨਾਲ-ਨਾਲ ਸਿਵਲ ਹਸਪਤਾਲ ਦੇ ਵੱਖ-ਵੱਖ ਸਥਾਨਾਂ ਦੀ ਵੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਟੀਮਾਂ ਵੱਲੋਂ ਕੂਲਰਾਂ, ਗਮਲਿਆਂ, ਪਾਣੀ ਵਾਲੇ ਕੰਟੇਨਰਾਂ ਅਤੇ ਹੋਰ ਪਾਣੀ ਇਕੱਠਾ ਹੋਣ ਵਾਲੇ ਸੰਭਾਵਿਤ ਸਰੋਤਾਂ ਦੀ ਜਾਂਚ ਕੀਤੀ ਗਈ। ਜਿੱਥੇ ਵੀ ਪਾਣੀ ਖੜ੍ਹਾ ਹੋਣ ਵਾਲੇ ਸਰੋਤ ਮਿਲੇ, ਉੱਥੇ ਸਫ਼ਾਈ ਕਰਵਾਈ ਗਈ ਅਤੇ ਬੇਲੋੜੇ ਪਾਣੀ ਇਕੱਠਾ ਕਰਨ ਵਾਲੇ ਸਰੋਤਾਂ ਨੂੰ ਮੌਕੇ ’ਤੇ ਹੀ ਹਟਾ ਕੇ ਜਾਂ ਨਸ਼ਟ ਕਰਕੇ ਖਤਮ ਕੀਤਾ ਗਿਆ, ਤਾਂ ਜੋ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ।

ਇਸ ਦੇ ਨਾਲ ਹੀ ਸਿਵਲ ਹਸਪਤਾਲ ਦੇ ਨਿਰਮਾਣ ਅਧੀਨ ਇਲਾਕੇ ਦਾ ਵੀ ਵਿਸ਼ੇਸ਼ ਤੌਰ ’ਤੇ ਨਿਰੀਖਣ ਕੀਤਾ ਗਿਆ। ਨਿਰਮਾਣ ਵਾਲੀ ਥਾਂ ’ਤੇ ਪਾਣੀ ਇਕੱਠਾ ਹੋਣ ਵਾਲੀਆਂ ਸੰਭਾਵਿਤ ਥਾਵਾਂ ਦੀ ਜਾਂਚ ਕੀਤੀ ਗਈ ਅਤੇ ਖੜ੍ਹੇ ਪਾਣੀ ਦੇ ਸਰੋਤਾਂ ਨੂੰ ਖਤਮ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਗਈ। ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣ ਅਤੇ ਭਵਿੱਖ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਸਬੰਧਤਾਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ।

ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਵਾਰ ਦੇ ਸਰੋਤਾਂ ਨੂੰ ਖਤਮ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੜ੍ਹਾ ਪਾਣੀ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਲਾਰਵੇ ਲਈ ਅਨੁਕੂਲ ਵਾਤਾਵਰਣ ਪੈਦਾ ਕਰਦਾ ਹੈ, ਇਸ ਲਈ ਘਰਾਂ, ਕੁਆਰਟਰਾਂ, ਦਫ਼ਤਰਾਂ ਅਤੇ ਨਿਰਮਾਣ ਅਧੀਨ ਥਾਵਾਂ ’ਤੇ ਪਾਣੀ ਖੜ੍ਹਾ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ।

ਉਨ੍ਹਾਂ ਸਬੰਧਤਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਪਾਣੀ ਦੀਆਂ ਪਾਈਪਾਂ ਵਿੱਚ ਹੋ ਰਹੀ ਲੀਕੇਜ ਨੂੰ ਜਲਦ ਤੋਂ ਜਲਦ ਠੀਕ ਕਰਵਾਇਆ ਜਾਵੇ, ਤਾਂ ਜੋ ਪਾਣੀ ਇਕੱਠਾ ਹੋਣ ਦੀ ਸਥਿਤੀ ਪੈਦਾ ਨਾ ਹੋਵੇ ਅਤੇ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਲਾਰਵੇ ਨੂੰ ਪਨਪਣ ਲਈ ਥਾਂ ਨਾ ਮਿਲ ਸਕੇ।

ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦੀ ਰੋਕਥਾਮ ਸਿਹਤ ਵਿਭਾਗ ਦੇ ਨਾਲ-ਨਾਲ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਆਪਣੇ ਘਰਾਂ, ਕੁਆਰਟਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਹਰ ਸ਼ੁੱਕਰਵਾਰ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਡਰਾਈ ਡੇਅ ਮਨਾਉਂਦੇ ਹੋਏ ਪਾਣੀ ਦੇ ਸਾਰੇ ਸੰਭਾਵਿਤ ਸਰੋਤਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਖਾਲੀ ਅਤੇ ਸਾਫ਼ ਕਰਨ।

ਉਨ੍ਹਾਂ ਕਿਹਾ ਕਿ ਡੇਂਗੂ ਵਿਰੋਧੀ ਸਰਵੇ, ਐਂਟੀ-ਲਾਰਵਾ ਗਤੀਵਿਧੀਆਂ ਅਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ।

Comments