ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦਾ ਸਹਿਯੋਗ ਅਹਿਮ: ਡੀਐਸਪੀ ਭਾਰਤ ਭੂਸ਼ਣਨਸ਼ਾ ਤਸਕਰਾਂ ਨਾਲ ਸਖ਼ਤੀ, ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜਨ ਲਈ ਸਰਕਾਰ ਵੱਲੋਂ ਉਪਰਾਲੇ



ਦਲਜੀਤ ਅਜਨੋਹਾ/ਹੁਸ਼ਿਆਰਪੁਰ

ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਡੀਐਸਪੀ ਭਾਰਤ ਭੂਸ਼ਣ ਨੇ ਦਲਜੀਤ ਅਜਨੋਹਾ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ।

ਡੀਐਸਪੀ ਭਾਰਤ ਭੂਸ਼ਣ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਰਹਿਨੁਮਾਈ ਅਤੇ ਐਸਐਸਪੀ ਹੁਸ਼ਿਆਰਪੁਰ ਸੰਦੀਪ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਵਿੱਚ ਸਮਾਜ ਦੇ ਹਰ ਵਰਗ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਇਸੇ ਤਹਿਤ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚਾ ਕੇ ਇਲਾਜ ਅਤੇ ਨਸ਼ਾ ਛੱਡਣ ਲਈ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਡੀਐਸਪੀ ਨੇ ਦੱਸਿਆ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਮੁੜ ਕੰਮ-ਧੰਦੇ ਨਾਲ ਜੁੜਨਾ ਚਾਹੁੰਦੇ ਹਨ, ਉਨ੍ਹਾਂ ਨੂੰ ਸਕਿੱਲ ਡਿਵੈਲਪਮੈਂਟ ਸੈਂਟਰਾਂ ਰਾਹੀਂ ਵੱਖ-ਵੱਖ ਹੁਨਰ ਸਿਖਾਉਣ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਨਿਰਭਰਤਾ ਨਾਲ ਜੋੜਨਾ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਦਾ ਇੱਕ ਮਹੱਤਵਪੂਰਨ ਹਿੱਸਾ ਹੈ।

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਡੀਐਸਪੀ ਭਾਰਤ ਭੂਸ਼ਣ ਨੇ ਕਿਹਾ ਕਿ ਨਸ਼ਾ ਤਸਕਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਈ ਨਸ਼ਾ ਤਸਕਰਾਂ ਦੇ ਘਰਾਂ ’ਤੇ ਤਾਲੇ ਲੱਗ ਚੁੱਕੇ ਹਨ ਅਤੇ ਕਈ ਮਾਮਲਿਆਂ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਜਾਂ ਹਾਸਲ ਕੀਤੀ ਜਾਇਦਾਦ ਨੂੰ ਕਾਨੂੰਨੀ ਪ੍ਰਕਿਰਿਆ ਤਹਿਤ ਜ਼ਬਤ ਕਰਨ ਦੀ ਕਾਰਵਾਈ ਵੀ ਕੀਤੀ ਗਈ ਹੈ।

ਡੀਐਸਪੀ ਭਾਰਤ ਭੂਸ਼ਣ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੁਲਿਸ ਦਾ ਵੱਧ ਤੋਂ ਵੱਧ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਜੇਕਰ ਲੋਕ ਨਸ਼ਾ ਤਸਕਰੀ ਅਤੇ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਅਤੇ ਆਪਣੇ ਆਲੇ-ਦੁਆਲੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਯਤਨ ਕਰਨ ਤਾਂ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਵਿੱਚ ਵੱਡੀ ਮਦਦ ਮਿਲ ਸਕਦੀ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਦੀ ਸਖ਼ਤੀ ਦੇ ਨਾਲ-ਨਾਲ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣਾ ਵੀ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ। ਸਮਾਜ, ਪਰਿਵਾਰ ਅਤੇ ਪੁਲਿਸ ਦੇ ਸਾਂਝੇ ਯਤਨਾਂ ਨਾਲ ਹੀ ਨਸ਼ਾ ਮੁਕਤ ਪੰਜਾਬ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।

Comments