ਹੁਸ਼ਿਆਰਪੁਰ/ਦਲਜੀਤ ਅਜਨੋਹਾ
ਹੁਸ਼ਿਆਰਪੁਰ ਵਿੱਚ ਨਸ਼ਿਆਂ ਖ਼ਿਲਾਫ਼ ਨੌਜਵਾਨਾਂ ਨੂੰ ਅੱਗੇ ਆਉਣ ਦਾ ਸੱਦਾ
ਹੁਸ਼ਿਆਰਪੁਰ: ਸ਼੍ਰੀ ਸ਼੍ਰੀ 1008 ਮਹਾਮੰਡਲੇਸ਼ਵਰ ਸਵਾਮੀ ਰਾਘਵੇਂਦਰ ਭਾਰਤੀ ਜੀ (ਨਿਰੰਜਨੀ ਅਖਾੜਾ) ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਸ਼ਕਤੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਨੌਜਵਾਨਾਂ ਨੂੰ ਆਪਣੀ ਊਰਜਾ ਸਿੱਖਿਆ, ਖੇਡਾਂ, ਰੁਜ਼ਗਾਰ, ਸਮਾਜ ਸੇਵਾ ਅਤੇ ਰਚਨਾਤਮਕ ਕੰਮਾਂ ਵਿੱਚ ਲਗਾਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਇਸ ਦਾ ਅਸਰ ਪੂਰੇ ਪਰਿਵਾਰ ਅਤੇ ਸਮਾਜ ’ਤੇ ਪੈਂਦਾ ਹੈ। ਨੌਜਵਾਨਾਂ ਨੂੰ ਖੁਦ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਆਪਣੇ ਦੋਸਤਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ, “ਨਸ਼ਾ ਛੱਡਣਾ ਹੀ ਕਾਫ਼ੀ ਨਹੀਂ, ਸਗੋਂ ਨਸ਼ਿਆਂ ਖ਼ਿਲਾਫ਼ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਨੌਜਵਾਨ ਮਜ਼ਬੂਤ ਹੋਣਗੇ ਤਾਂ ਪੰਜਾਬ ਮਜ਼ਬੂਤ ਹੋਵੇਗਾ।”
ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨਾਲ ਲਗਾਤਾਰ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ’ਤੇ ਧਿਆਨ ਦੇਣ। ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਸਮਾਜ ਸੇਵਾ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਲਈ ਪਰਿਵਾਰ, ਸਮਾਜ ਅਤੇ ਨੌਜਵਾਨਾਂ ਨੂੰ ਮਿਲ ਕੇ ਯਤਨ ਕਰਨੇ ਪੈਣਗੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕ ਕਰਨ ਦਾ ਸੰਕਲਪ ਲੈਣ ਦੀ ਅਪੀਲ ਕੀਤੀ।
Comments
Post a Comment