ਫ਼ਤਹਿਗੜ੍ਹ ਸਾਹਿਬ/ਦਲਜੀਤ ਅਜਨੋਹਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ੍ਰ. ਅਵਤਾਰ ਸਿੰਘ ਰਿਆ ਨੇ ਮਾਤਾ ਗੁਜਰੀ ਕਾਲਜ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਲਈ ਕਾਲਜ ਵਿਖੇ ਉਪਲੱਬਧ ਵਿੱਦਿਅਕ ਅਤੇ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਨਵੇਂ ਅਕਾਦਮਿਕ ਸੈਸ਼ਨ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ। ਸ੍ਰ. ਰਿਆ ਨੇ ਵਿੱਦਿਅਕ ਸੈਸ਼ਨ 2026-27 ਵਿੱਚ ਉਮੀਦ ਨਾਲੋਂ ਵੱਧ ਦਾਖਲੇ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੂਹ ਸਟਾਫ਼ ਅਤੇ ਪ੍ਰਿੰਸੀਪਲ ਨੂੰ ਵਧਾਈ ਦਿੱਤੀ ਅਤੇ ਆਪਣੇ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਕਾਲਜ ਦੀਆਂ ਸ਼ਾਨਦਾਰ ਉਪਲਬਧੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਨਿਰੰਤਰ ਅਤੇ ਪ੍ਰਭਾਵਸ਼ਾਲੀ ਯਤਨਾਂ ਦੀ ਵੀ ਸ਼ਲਾਘਾ ਕੀਤੀ।
ਸ੍ਰ. ਅਵਤਾਰ ਸਿੰਘ ਰਿਆ ਨੂੰ ਕਾਲਜ ਦੇ ਵਿੱਦਿਅਕ ਮਾਮਲਿਆਂ ਵਿੱਚ ਅਹਿਮ ਯੋਗਦਾਨ ਪਾਉਣ ਕਾਰਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਜਥੇਦਾਰ ਅਵਤਾਰ ਸਿੰਘ ਰਿਆ ਦਾ ਭਰਵਾਂ ਸਵਾਗਤ ਕਰਦਿਆਂ ਕਾਲਜ ਦੀਆਂ ਅਕਾਦਮਿਕ, ਧਾਰਮਿਕ, ਸਹਿ ਵਿੱਦਿਅਕ, ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸ੍ਰ. ਜਸਵੰਤ ਸਿੰਘ, ਡਾ. ਗਗਨਦੀਪ ਸਿੰਘ, ਸ੍ਰ. ਮਨਜਿੰਦਰ ਸਿੰਘ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।
Comments
Post a Comment