ਮਾਹਿਲਪੁਰ ਵਿੱਚ ਫੂਡ ਸੇਫਟੀ ਟੀਮ ਵੱਲੋਂ ਸਟ੍ਰੀਟ ਫੂਡ ਵਿਕਰੇਤਾਵਾਂ ਦੀ ਚੈਕਿੰਗ, ਸਾਫ਼-ਸਫ਼ਾਈ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਸੁਰੱਖਿਆ ਸਬੰਧੀ ਕੀਤਾ ਜਾਗਰੂਕਜੂਸ ਵਿਕਰੇਤਾਵਾਂ ਦੀ ਵੀ ਕੀਤੀ ਜਾਂਚ, ਚੈਕਿੰਗ ਦੌਰਾਨ ਕਿਸੇ ਵੀ ਵਿਕਰੇਤਾ ਵੱਲੋਂ ਆਰਟੀਫਿਸ਼ਲ ਫੂਡ ਕਲਰ ਦੀ ਵਰਤੋਂ ਨਹੀਂ ਪਾਈ ਗਈ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਲੋਕਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਦਾ ਸਮਾਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫੂਡ ਸੇਫਟੀ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਲਗਾਤਾਰ ਚੈਕਿੰਗ ਅਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਸ੍ਰੀਮਤੀ ਕੰਵਲਪ੍ਰੀਤ ਕੌਰ ਬਰਾੜ, ਆਈ.ਏ.ਐੱਸ., ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀਮਤੀ ਆਸ਼ਿਕਾ ਜੈਨ, ਆਈ.ਏ.ਐੱਸ. ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫਟੀ ਟੀਮਾਂ ਵੱਲੋਂ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਅਤੇ ਸਫ਼ਾਈ ਦੇ ਮਿਆਰਾਂ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਇਸੇ ਲੜੀ ਤਹਿਤ ਫੂਡ ਸੇਫਟੀ ਅਫ਼ਸਰ ਸ੍ਰੀ ਈਸ਼ਾਨ ਬਾਂਸਲ ਅਤੇ ਟੀਮ ਵੱਲੋਂ ਮਾਹਿਲਪੁਰ ਖੇਤਰ ਵਿੱਚ ਸਟ੍ਰੀਟ ਫੂਡ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਕਰੇਤਾਵਾਂ ਨੂੰ ਖਾਣ-ਪੀਣ ਦੀਆਂ ਵਸਤਾਂ ਤਿਆਰ ਕਰਨ ਅਤੇ ਗਾਹਕਾਂ ਨੂੰ ਪਰੋਸਣ ਸਮੇਂ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਕੂੜੇ ਦੇ ਸਹੀ ਨਿਪਟਾਰੇ ਲਈ ਡਸਟਬਿਨ ਦੀ ਵਰਤੋਂ ਕਰਨ ਅਤੇ ਭੋਜਨ ਨੂੰ ਹੱਥ ਲਗਾਉਂਦੇ ਸਮੇਂ ਦਸਤਾਨੇ ਅਤੇ ਸਿਰ ’ਤੇ ਕੈਪ ਪਹਿਨਣ ਸਬੰਧੀ ਜਾਗਰੂਕ ਕੀਤਾ ਗਿਆ।
ਚੈਕਿੰਗ ਦੌਰਾਨ ਇਹ ਦੇਖਿਆ ਗਿਆ ਕਿ ਲਗਭਗ ਸਾਰੇ ਸਟ੍ਰੀਟ ਫੂਡ ਵਿਕਰੇਤਾ ਸਿਰ ’ਤੇ ਕੈਪ ਪਹਿਨੇ ਹੋਏ ਸਨ। ਇਸ ਤੋਂ ਇਲਾਵਾ, ਜੂਸ ਵਿਕਰੇਤਾਵਾਂ ਦੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਗਈ ਕਿ ਜੂਸ ਤਿਆਰ ਕਰਨ ਸਮੇਂ ਕਿਸੇ ਕਿਸਮ ਦੇ ਆਰਟੀਫਿਸ਼ਲ ਫੂਡ ਕਲਰ ਦੀ ਵਰਤੋਂ ਤਾਂ ਨਹੀਂ ਕੀਤੀ ਜਾ ਰਹੀ। ਜਾਂਚ ਦੌਰਾਨ ਕਿਸੇ ਵੀ ਨਿਰੀਖਣ ਕੀਤੇ ਗਏ ਵਿਕਰੇਤਾ ਵੱਲੋਂ ਜੂਸ ਵਿੱਚ ਆਰਟੀਫਿਸ਼ਲ ਫੂਡ ਕਲਰ ਦੀ ਵਰਤੋਂ ਕਰਨੀ ਨਹੀਂ ਪਾਈ ਗਈ।
ਫੂਡ ਸੇਫਟੀ ਟੀਮ ਵੱਲੋਂ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਭਵਿੱਖ ਵਿੱਚ ਵੀ ਸਫ਼ਾਈ ਅਤੇ ਖੁਰਾਕ ਸੁਰੱਖਿਆ ਦੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ। ਖਾਣ-ਪੀਣ ਵਾਲੀਆਂ ਵਸਤਾਂ ਤਿਆਰ ਕਰਨ ਵਾਲੀ ਥਾਂ ਨੂੰ ਸਾਫ਼ ਰੱਖਣ, ਕੂੜੇ ਨੂੰ ਖੁੱਲ੍ਹੇ ਵਿੱਚ ਨਾ ਸੁੱਟਣ, ਭੋਜਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਨਿੱਜੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਲੋਕਾਂ ਦੀ ਸਿਹਤ ਨਾਲ ਜੁੜੇ ਇਸ ਮਹੱਤਵਪੂਰਨ ਮਾਮਲੇ ਵਿੱਚ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ, ਸਫ਼ਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੈਕਿੰਗ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ।
Comments
Post a Comment